ਪਟਿਆਲਾ- ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ਕਾਰਨ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਸਪੁੱਤਰ ਰੂਬਲ ਗੱਜਣਮਾਜਰਾ ਨੇ ਜੇਲ੍ਹ ਦੇ ਬਾਹਰ ਕੀਤੀ।
ਉਨ੍ਹਾਂ ਨਾਲ ਵੱਡੀ ਗਿਣਤੀ ’ਚ ਹਲਕੇ ਤੋਂ ਸਮਰਥਕ ਵੀ ਆਏ ਹੋਏ ਸਨ। ਰੂਬਲ ਗੱਜਣਮਾਜਰਾ ਨੇ ਦੱਸਿਆ ਕਿ ਅੱਜ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਕੇਸ ਨੂੰ ਕੇਂਦਰ ਸਰਕਾਰ ਦੀ ਸਾਜ਼ਿਸ਼ ਦੱਸਦਿਆਂ ਕਿਹਾ ਕਿ ਰਾਜਸੀ ਬਦਲਾਖ਼ੋਰੀ ਕਾਰਨ ਇਸ ਤਰ੍ਹਾਂ ਦੇ ਕੇਸ ਦਰਜ ਨਹੀਂ ਕਰਨੇ ਚਾਹੀਦੇ।
ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈ. ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਗੱਜਣਮਾਜਰਾ ‘ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਈ. ਡੀ. ਨੇ ਗੱਜਣਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।