ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ 763 ਸ਼ਰਧਾਲੂਆਂ ਦਾ ਜਥਾ ਵੀਰਵਾਰ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

ਅੰਮ੍ਰਿਤਸਰ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਜਾਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਵੀਜ਼ਾ ਲੱਗੇ ਹੋਏ ਪਾਸਪੋਰਟ ਅੱਜ ਵੰਡੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜੋ ਕਿ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸਪਲਵਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *