ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਇੱਥੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਇਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਣੀ ਚਾਹੀਦੀ।
ਪੰਜਾਬ ਦੀ ਸੱਤਾਧਾਰੀ ‘ਆਪ’ ਤੇ ਰਾਜ ਦੀਆਂ ਵਿਰੋਧੀ ਪਾਰਟੀਆਂ ਨੇ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ‘ਚ 10 ਏਕੜ ਜ਼ਮੀਨ ਅਲਾਟ ਕਰਨ ਦੇ ਕੇਂਦਰ ਦੇ ਕਥਿਤ ਕਦਮ ਦੀ ਆਲੋਚਨਾ ਕੀਤੀ ਹੈ।
ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਸੱਤਾਧਾਰੀ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਇਸ ਮੁੱਦੇ ‘ਤੇ ਬਹਿਸ ਹੋਈ।
ਕਟਾਰੀਆ ਨੂੰ ਮਿਲੇ ਪਾਰਟੀ ਵਫ਼ਦ ਦੀ ਅਗਵਾਈ ਕਰਦਿਆਂ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਅਸੀਂ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ।
ਵਫ਼ਦ ਅਨੁਸਾਰ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਤੇ ਅਸੀਂ ਆਪਣੇ ਹੱਕ ਲਈ ਲੜਾਂਗੇ। ਅਸੀਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਅਸੀਂ ਕਿਹਾ ਹੈ ਕਿ ਚੰਡੀਗੜ੍ਹ ‘ਚ ਹਰਿਆਣਾ ਨੂੰ (ਅਸੈਂਬਲੀ ਲਈ) ਕੋਈ ਜ਼ਮੀਨ ਅਲਾਟ ਨਹੀਂ ਕੀਤੀ ਜਾਣੀ ਚਾਹੀਦੀ। ਕਟਾਰੀਆ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਜੋ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਸਾਂਝੀ ਰਾਜਧਾਨੀ ਹੈ।