ਨਵੀਂ ਦਿੱਲੀ, ਸੁਪਰੀਮ ਕੋਰਟ (Supreme Court of India) ਨੇ ਸੋਮਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਦੇ ਸਕੱਤਰ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦੀ ਉਡੀਕ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਅੱਗੇ ਪੇਸ਼ ਕਰਨ ਤਾਂ ਕਿ ਰਾਸ਼ਟਰਪਤੀ ਮੁਰਮੂ ਇਸ ’ਤੇ ਗ਼ੌਰ ਕਰ ਸਕਣ। ਇਹ ਹੁਕਮ ਜਸਟਿਸ ਬੀਆਰ ਗਵਈ, ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਜਾਰੀ ਕੀਤੇ ਹਨ।
ਬੈਂਚ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ ‘ਤੇ ਵਿਚਾਰ ਕਰਨ। ਬੈਂਚ ਨੇ ਕਿਹਾ, “ਅੱਜ ਮਾਮਲੇ ਨੂੰ ਵਿਸ਼ੇਸ਼ ਤੌਰ ‘ਤੇ ਰੱਖੇ ਜਾਣ ਦੇ ਬਾਵਜੂਦ ਕੋਈ ਵੀ (ਵਕੀਲ) ਭਾਰਤੀ ਯੂਨੀਅਨ (ਭਾਰਤ ਸਰਕਾਰ) ਲਈ ਪੇਸ਼ ਨਹੀਂ ਹੋਇਆ। ਅਦਾਲਤ ਸਿਰਫ ਇਸੇ ਕੇਸ ਲਈ ਬੈਠੀ ਸੀ।’’