ਫ਼ਤਹਿਗੜ੍ਹ ਸਾਹਿਬ – ਜ਼ਿਲ੍ਹਾ ਪੁਲਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫ਼ਿਰੌਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੰਜਾਬ ਪੁਲਸ ਸੂਬੇ ਨੂੰ ਕ੍ਰਾਈਮ ਮੁਕਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਅਮਨਦੀਪ ਸਿੰਘ ਉਰਫ ਬਾਦਲ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ 11 ਨਵੰਬਰ ਨੂੰ ਆਪਣੇ ਘਰ ਤੋਂ ਇਨੋਵਾ ਕਾਰ ‘ਤੇ ਦੁਸ਼ਹਿਰਾ ਗਰਾਊਂਡ ਦੀ ਬੈਕ ਸਾਈਡ ਪੁੱਜਾ ਤਾਂ ਪਿਛੋਂ ਇਕ ਬਿਨਾਂ ਨੰਬਰ ਦੇ ਮੋਟਰਸਾਈਕਲ ‘ਤੇ ਆਏ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਅਮਨਦੀਪ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਸਨ, ਜਿਨ੍ਹਾਂ ਨੂੰ ਵੇਖ ਕੇ ਅਮਨਦੀਪ ਸਿੰਘ ਨੇ ਆਪਣੀ ਗੱਡੀ ਪਿਛੇ ਮੋੜ ਲਈ ਤਾਂ ਮੋਟਰਸਾਇਕਲ ਸਵਾਰਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਅਮਨਦੀਪ ਸਿੰਘ ਆਪਣੀ ਕਾਰ ਭਜਾ ਕੇ ਆਪਣੇ ਘਰ ਦੇ ਬਾਹਰ ਖੜ੍ਹੀ ਕਰ ਕੇ ਘਰ ਅੰਦਰ ਚਲਿਆ ਗਿਆ। ਇਸ ਉਪਰੰਤ ਮੁਲਜ਼ਮਾਂ ਨੇ ਉਸ ਦੇ ਘਰ ਦੇ ਬਾਹਰ ਆ ਕੇ ਘਰ ਦੇ ਬਾਹਰ ਖੜ੍ਹੀ ਕਾਰ ਦੇ ਤਲਵਾਰਾਂ ਨਾਲ ਸ਼ੀਸ਼ੇ ਤੋੜ ਅਤੇ ਅਤੇ ਉੱਚੀ-ਉੱਚੀ ਗਾਲੀ ਗਲੋਚ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਇਸ ਸਬੰਧੀ ਅਮਨਦੀਪ ਸਿੰਘ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮੁਕਦਮਾ ਦਰਜ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋਈ ਸੀ।
ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਮੁਕੱਦਮੇ ਸਬੰਧੀ ਐੱਸ.ਪੀ. (ਜਾਂਚ) ਰਾਕੇਸ਼ ਯਾਦਵ ਅਤੇ ਡੀ.ਐੱਸ.ਪੀ.,ਅਮਲੋਹ, ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਤਫਤੀਸ਼ ਦੌਰਾਨ ਤਕਨੀਕ ਦੀ ਵਰਤੋਂ ਕਰਦੇ ਹੋਏ, ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਕਾਲ ਡਿਟੇਲਜ਼ ਹਾਸਲ ਕਰ ਕੇ ਘੋਖ ਕੀਤੀ ਗਈ। ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਤਰਨਪ੍ਰੀਤ ਸਿੰਘ ਉਰਫ ਤਰਨ ਉਰਫ ਤਿਤਲੀ ਜੋ ਕਿ ਮੰਡੀ ਗੋਬਿੰਦਗੜ੍ਹ ਵਿਖੇ ਮੁਕੱਦਮਾ ਨੰਬਰ 189 ਮਿਤੀ 02-10-2024 ਵਿਚ ਲੋੜੀਂਦਾ ਸੀ ਅਤੇ ਫਰਾਰ ਚੱਲ ਰਿਹਾ ਸੀ, ਨੂੰ ਇਸੇ ਮੁਕੱਦਮੇ ਵਿਚ ਜੇਲ੍ਹ ਵਿਚ ਬੰਦ ਮੁਲਜ਼ਮ ਸੰਦੀਪ ਸਿੰਘ ਉਰਫ ਬਾਕਸਰ ਵੱਲੋਂ ਸੁਨੇਹਾ ਮਿਲਿਆ ਸੀ ਕਿ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਅਮਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ‘ਤੇ ਹਮਲਾ ਕਰ ਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਜੇਲ੍ਹ ਵਿਚ ਗੁਜ਼ਾਰਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਦੇ ਬਿਆਨ ‘ਤੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮੁਕੱਦਮਾ ਨੰਬਰ 223 ਮਿਤੀ 15.11.2024 ਨੂੰ ਤਰਨਪ੍ਰੀਤ ਸਿੰਘ ਉਰਫ ਤਰਨ ਵਾਸੀ ਫੈਜਗੜ ਥਾਣਾ ਸਦਰ ਖੰਨਾ, ਅਮ੍ਰਿਤ ਸਿੰਘ ਵਾਸੀ ਬਸੰਤ ਨਗਰ ਖੰਨਾ ਅਤੇ ਗੁਰਦੀਪ ਸਿੰਘ ਉਰਫ ਦੀਪਾ ਵਾਸੀ ਰਤਨਹੇੜੀ ਥਾਣਾ ਸਿਟੀ -1 ਖੰਨਾ ਨੂੰ ਨਾਮਜ਼ਦ ਕੀਤਾ ਗਿਆ ਅਤੇ ਮੁਕੱਦਮੇ ਵਿੱਚ ਫਿਰੌਤੀ ਮੰਗਣ ਦੇ ਜੁਰਮ ਤਹਿਤ ਅ/ਧ 308 (7) ਬੀ.ਐੱਨ.ਐੱਸ. ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਪਿਸਤੌਲ (ਦੋਸੀ ਕੱਟਾ), 01 ਤਲਵਾਰ ਅਤੇ 01 ਗੰਡਾਸੀ ਬ੍ਰਾਮਦ ਕੀਤੀ ਗਈ ਹੈ। ਜਿਸ ਦੇ ਆਧਾਰ ‘ਤੇ ਮੁਕੱਦਮੇ ਵਿਚ ਆਰਮਜ਼ ਐਕਟ ਦੀ ਧਾਰਾ 25/54/59 ਦਾ ਵਾਧਾ ਕੀਤਾ ਗਿਆ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ, ਇਹ ਗਿਰੋਹ ਜੇਲ੍ਹ ਵਿਚ ਬੈਠੇ ਆਪਣੇ ਮੁਲਜ਼ਮ ਸਾਥੀਆਂ ਨਾਲ ਮਿਲਕੇ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਪਾਸੋਂ ਫ਼ਿਰੌਤੀਆਂ ਮੰਗਦੇ ਸਨ। ਤਫਤੀਸ਼ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਵੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਤਰਨਪ੍ਰੀਤ ਸਿੰਘ ਉਰਫ ਤਰਨ ਉਰਫ ਤਿਤਲੀ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਹੇਠ 05 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।