ਫਰੀਦਕੋਟ : ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਲਈ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮੰਗਲਵਾਰ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਗੇ।
ਇਸ ਸਬੰਧੀ ਉਨ੍ਹਾਂ ਜਿੱਥੇ ਫਰੀਦਕੋਟ ‘ਚ ਪ੍ਰੈੱਸ ਕਾਨਫਰੰਸ ਕੀਤੀ ਉੱਥੇ ਹੀ ਇਸ ਤੋਂ ਪਹਿਲਾਂ ਆਪਣੀ ਪੂਰੀ ਜ਼ਮੀਨ ਆਪਣੇ ਬੇਟੇ, ਨੂੰਹ ਤੇ ਪੁੱਤਰ ਦੇ ਨਾਂ ਕਰਵਾ ਦਿੱਤੀ। ਫਰੀਦਕੋਟ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੋ ਕਿਸਾਨ ਭਾਰਤ ਨੂੰ ਅਨਾਜ ਭੰਡਾਰ ਪੈਦਾ ਕਰ ਕੇ ਦੇ ਰਿਹਾ ਹੈ, ਕੇਂਦਰ ਸਰਕਾਰ ਉਸੇ ਦੀ ਸੁਧ ਨਹੀਂ ਲੈ ਰਹੀ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਰਾਜਧਾਨੀ ‘ਚ ਵੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਾਂਤੀਪੂਰਵਕ ਹੈ।
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਕੋਲ 17 ਏਕੜ ਜ਼ਮੀਨ ਹੈ, ਜਿਸ ਵਿੱਚੋਂ ਉਨ੍ਹਾਂ ਨੇ 4.30 ਏਕੜ ਆਪਣੇ ਲੜਕੇ ਦੇ ਨਾਂ, 2 ਏਕੜ ਆਪਣੀ ਨੂੰਹ ਦੇ ਨਾਂ ਤੇ ਬਾਕੀ ਜ਼ਮੀਨ ਆਪਣੇ ਪੋਤਰੇ ਦੇ ਨਾਂ ‘ਤੇ ਲਿਖਵਾਈ ਹੈ। .