ਅਹਿਮ ਖ਼ਬਰ : ਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਬੁਲਾਈ ਜਾਵੇਗੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ

akali dal/nawanpunjab.com

ਲੁਧਿਆਣਾ, 4 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਕ ਵਫ਼ਦ ਲਖੀਮਪੁਰ ਭੇਜਿਆ ਜਾ ਰਿਹਾ ਹੈ, ਜੋ ਕਿ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਉੱਥੇ ਸਾਰੇ ਹਾਲਾਤ ਦਾ ਜਾਇਜ਼ਾ ਲੈ ਕੇ ਰਿਪੋਰਟ ਸੌਂਪੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਘਟਨਾ ਸਬੰਧੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ ਕਿਉਂਕਿ ਹਾਲਾਤ ਬਹੁਤ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਯੂ. ਪੀ. ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਘਟਨਾ ‘ਤੇ ਸਿਆਸਤ ਤੋਂ ਉੱਪਰ ਉੱਠ ਕੇ ਇਨਸਾਫ਼ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ‘ਤੇ 302 ਦਾ ਪਰਚਾ ਦਰਜ ਕਰਨ ਦੇ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਬਿਠਾਈ ਜਾਣੀ ਚਾਹੀਦੀ ਹੈ ਕਿ ਇਹ ਸਾਰਾ ਕੁੱਝ ਕਿਉਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝ ਨਹੀਂ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਮੁਖੀ ਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਜ਼ਿੱਦ ‘ਤੇ ਨਹੀਂ ਅੜਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਜ਼ਿੱਦ ਕਾਰਨ ਅੱਜ ਕਿੰਨੀਆਂ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ, ਕਿਸਾਨਾਂ ਦੀਆਂ ਜਾਨਾਂ ਬਚਾਉਣੀਆਂ ਜ਼ਰੂਰੀ ਹਨ। ਸੁਖਬੀਰ ਬਾਦਲ ਨੇ ਯੂ. ਪੀ. ਸਰਕਾਰ ਨੂੰ ਇਸ ਘਟਨਾ ਸਬੰਧੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *