ਜ਼ੀਰਕਪੁਰ, 7 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਵੱਲੋਂ ਅੱਜ ਕੱਢੇ ਜਾਣ ਵਾਲੇ ਲਖੀਮਪੁਰ ਮਾਰਚ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਵੱਲੋਂ ਜ਼ੀਰਕਪੁਰ ਨੂੰ ਜਾਂਦੇ ਰਾਹ ਨੂੰ ਬੰਦ ਕਰ ਦਿੱਤਾ ਗਿਆ ਹੈ। ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਸ ਨੂੰ ਇਹ ਰੂਟ ਡਾਇਵਰਟ ਕਰਨੇ ਪਏ। ਇਸ ਸਬੰਧ ਵਿਚ ਅੱਜ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਜ਼ੀਰਕਪੁਰ-ਬਨੂੜ ਸੜਕ ‘ਤੇ ਏਅਰਪੋਰਟ ਚੌਂਕ ਦੇ ਕੋਲ ਪਹੁੰਚਣੇ ਸ਼ੁਰੂ ਹੋ ਗਏ। ਇਸ ਕਾਰਨ ਕਈ ਕਿਲੋਮੀਟਰ ਦੂਰ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਇਸ ਰੋਸ ਮਾਰਚ ਦਾ ਹਿੱਸਾ ਬਣਨ ਲਈ ਪਹੁੰਚੇ ਚੌਧਰੀ ਸੰਤੋਖ ਸਿੰਘ ਨੇ ਇਸ ਮੌਕੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਕ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਇਸ ਕਤਲੇਆਮ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਉਹ ਆਜ਼ਾਦ ਘੁੰਮ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਪੀੜਤ ਪਰਿਵਾਰਾਂ ਨੂੰ ਮਿਲਣ ਦੇ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਘਿਨਾਉਣੀ ਘਟਨਾ ਹੈ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਕੇ ਉਸ ਦੇ ਪੁੱਤਰ, ਨੂੰਹ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।