ਚੰਡੀਗੜ੍ਹ, 21 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡੇ ਦੋਸ਼ ਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੀ ਜਨਤਾ ਕੋਲੋਂ ਮੁਆਫ਼ੀ ਮੰਗਦੇ ਹਨ ਕਿ ਉਨ੍ਹਾਂ ਦੀ ਸਰਕਾਰ ਸਾਢੇ 4 ਸਾਲਾਂ ਦੌਰਾਨ ਕਈ ਵਾਅਦੇ ਪੂਰੇ ਨਹੀਂ ਕਰ ਸਕੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਸਾਢੇ 9 ਸਾਲਾਂ ‘ਚ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਰਾਜ ‘ਚ ਹੀ ਮਾਫ਼ੀਆ ਪੈਦਾ ਹੋਇਆ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਉਸ ਨਾਲ ਵੀ ਸਮਝੌਤਾ ਕਰ ਲਿਆ। ਉਨ੍ਹਾਂ ਨੇ ਕੈਪਟਨ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਸਟਮ ਨੂੰ ਅਪਾਹਜ ਬਣਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮਹਿਕਮੇ ਦੀਆਂ ਜਿਹੜੀਆਂ ਪ੍ਰਾਪਤੀਆਂ ਉਹ ਅੱਜ ਗਿਣਵਾ ਰਹੇ ਹਨ, ਉਹ ਸਾਢੇ 4 ਸਾਲ ਪਹਿਲਾਂ ਵੀ ਹੋ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੰਪ੍ਰੋਮਾਈਜ਼ਡ ਚੀਫ਼ ਮਿਿਨਸਟਰ’ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵੀ ਚਾਹੁੰਦੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਕੰਪ੍ਰੋਮਾਈਜ਼ਡ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ। ਉਨ੍ਹਾਂ ਕੈਪਟਨ ‘ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਕੈਪਟਨ ਵੱਲੋਂ ਜਿਹੜਾ ਭਾਜਪਾ ਨਾਲ ਮਿਲ ਕੇ ਪਾਰਟੀ ਬਣਾਉਣ ਦੀਆਂ ਗੱਲਾਂ ਚੱਲ ਰਹੀਆਂ ਹਨ, ਇਹ ਉਸੇ ਕੰਪ੍ਰੋਮਾਈਜ਼ ਦਾ ਹਿੱਸਾ ਹਨ।