ਮੋਹਾਲੀ, 25 ਅਕਤੂਬਰ (ਦਲਜੀਤ ਸਿੰਘ)- ਮੋਹਾਲੀ ‘ਚ 646 ਪੀ. ਟੀ. ਆਈ. ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਏਅਰਪੋਰਟ ਰੋਡ ਜਾਮ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਨਾਮ ਚੜੂਨੀ ਵੀ ਮੌਕੇ ‘ਤੇ ਪਹੁੰਚੇ। ਪਿਛਲੇ 2 ਹਫ਼ਤਿਆਂ ਤੋਂ ਮੋਹਾਲੀ ਦੀ ਸੋਹਾਣਾ ਟੈਂਕੀ ‘ਤੇ ਚੜ੍ਹੇ ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਨੌਕਰੀਆਂ ਲਈ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ।
ਇਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਚੜੂਨੀ ਉਨ੍ਹਾਂ ਦੀ ਮਦਦ ਲਈ ਪੁੱਜੇ। ਇਸ ਤੋਂ ਕੁੱਝ ਸਮੇਂ ਬਾਅਦ ਹੀ ਏਅਰਪੋਰਟ ਰੋਡ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਅਧਿਆਪਕਾਂ ਦੀ ਇਸ ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਵੀ ਹੋਈ ਪਰ ਫਿਰ ਵੀ ਉਹ ਰੋਡ ਜਾਮ ਕਰਨ ‘ਚ ਕਾਮਯਾਬ ਰਹੇ। ਇਸ ਮੌਕੇ ਗੁਰਨਾਮ ਚੜੂਨੀ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸਰਕਾਰ ਜਨਤਾ ਦੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਸਿਰਫ ਆਪਣਾ ਭਵਿੱਖ ਦੇਖਦੇ ਹਨ, ਜਦੋਂ ਕਿ ਇਨ੍ਹਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।