ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।
ਸ਼੍ਰੀ ਵੜਿੰਗ ਨੇ ਕਿਹਾ ਕਿ ਜਿਥੇ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜ਼ਿਲ੍ਹੇ ਵਿੱਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ।