ਲੁਧਿਆਣਾ, 27 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ‘ਚ ਕਾਰੋਬਾਰ ਵਧੇ-ਫੁੱਲੇ, ਇਸ ਦੇ ਲਈ ਸਰਕਾਰ ਦੀਆਂ ਕਈ ਮੀਟਿੰਗਾਂ ਕਾਰੋਬਾਰੀਆਂ ਨਾਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਇੰਡਸਟਰੀ ਅਤੇ ਕਾਰੋਬਾਰੀਆਂ ਨੂੰ ਕੁੱਝ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਭ ਤੋਂ ਜ਼ਰੂਰੀ ਹੈ ਕਿ ਜਿਹੜਾ ਦੁਕਾਨਦਾਰ ਬਾਜ਼ਾਰ ‘ਚ ਬੈਠਾ ਹੈ, ਉਸ ਨੂੰ ਸਰਕਾਰ ਵੱਲੋਂ ਇਕ ਚੰਗਾ ਮਾਹੌਲ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਇੰਸਪੈਕਟਰੀ ਰਾਜ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਕਾਰੋਬਾਰੀਆਂ ‘ਤੇ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਵੀ ਦਬਾਅ ਨਾ ਹੋਵੇ ਅਤੇ ਇਸ ਦੇ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਸਾਲ 2011 ਤੋਂ ਲੱਗਾ ਹੋਇਆ ਇੰਸਟੀਚਿਊਸ਼ਨ ਟੈਕਸ ਖ਼ਤਮ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਛੋਟੀਆਂ ਅਤੇ ਮੱਧਮ ਪੱਧਰ ਦੀਆਂ ਫੈਕਟਰੀਆਂ ਲਈ ਵਨ ਟਾਈਮ ਸੈਟਲਮੈਂਟ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਅਮ ਸਕੇਲ ਇੰਡਸਟਰੀ ਨੂੰ ਬਿਜਲੀ ਦੇ ਫਿਕਸ ਚਾਰਜ ਲੱਗਦੇ ਹਨ, ਜਿਸ ਕਾਰਨ ਉਨ੍ਹਾਂ ਦਾ ਬਿੱਲ ਬਹੁਤ ਵੱਧ ਜਾਂਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫਿਕਸ ਚਾਰਜ 50 ਫ਼ੀਸਦੀ ਕੀਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਦੇ ਵਿਕਾਸ ਲਈ 147 ਕਰੋੜ ਰੁਪਿਆ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦਾ ਮੁੱਦਾ ਹੱਲ ਨਾ ਕੀਤਾ ਗਿਆ ਤਾਂ ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰ ਨੇ ਗੱਲ ਨਾ ਮੰਨੀ ਤਾਂ ਫਿਰ ਉਹ ਇਸ ਮਸਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਮਸਲੇ ਨੂੰ ਹੱਲ ਕਰਕੇ ਰਹੇਗੀ।