ਪਟਿਆਲਾ, 3 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਦਫਤਰਾਂ ਵਿਚ ਵੱਡੀ ਗਿਣਤੀ ਪੰਜਾਬ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਦੇ ਵਿਅਕਤੀ ਭਰਤੀ ਕੀਤੇ ਜਾ ਰਹੇ ਹਨ, ਜਦਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਘੁੰਮ ਰਿਹਾ ਹੈ, ਉਨ੍ਹਾਂ ਨੂੰ ਕਿਤੇ ਕੰਮ ਨਹੀਂ ਮਿਲ ਰਿਹਾ। ਪੰਜਾਬ ਦੇ ਨੌਜਵਾਨਾਂ ਨਾਲ ਤਾਂ ਇਨਾਂ ਧੱਕਾ ਹੋ ਰਿਹਾ ਹੈ ਕਿ ਬਾਹਰਲੇ ਸੂਬਿਆਂ ਨੇ ਵੀ ਪੰਜਾਬੀਆਂ ਦੀ ਭਰਤੀ ’ਤੇ ਪਾਬੰਦੀ ਲਾਈ ਹੋਈ ਹੈ ਅਤੇ ਪੰਜਾਬ ’ਚ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਤਰਜੀਹ ਦੇ ਕੇ ਪੰਜਾਬੀ ਨੌਜਵਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਹਾਲ ਹੀ ’ਚ ਹੋਈ ਬਿਜਲੀ ਵਿਭਾਗ ਦੀ ਭਰਤੀ ਬਾਰੇ ਗੱਲ ਕਰਦਿਆਂ ਦੱਸਿਆ ਕਿ ਜਿੰਨੇ ਵੀ ਲਾਈਨਮੈਨ ਰੱਖੇ ਗਏ ਹਨ, ਉਨ੍ਹਾਂ ਵਿਚੋਂ ਬਹੁ-ਗਿਣਤੀ ਬਾਹਰਲੇ ਸੂਬਿਆਂ ਦੇ ਹਨ।
ਇਸੇ ਤਰ੍ਹਾਂ ਪਹਿਲਾਂ ਹੋਈ ਪੰਜਾਬ ਪੁਲਸ ਦੀ ਭਾਰਤੀ ਵਿਚ ਵੀ ਬਾਹਰਲੇ ਸੂਬਿਆਂ ਵਾਲਿਆਂ ਨੂੰ ਭਰਤੀ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਨਾ ਪੰਜਾਬੀ ਲਿਖਣੀ ਆਉਂਦੀ ਹੈ ਨਾ ਹੀ ਬੋਲਣੀ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜ਼ਿਆਦਾਤਰ ਉੱਚ ਅਧਿਕਾਰੀਆਂ ਨੂੰ ਪੰਜਾਬੀ ਬੋਲਣੀ ਪੜ੍ਹੀਨੀ ਆਉਂਦੀ ਹੀ ਨਹੀਂ ਜੋ ਕੇ ਚਿੰਤਾ ਦਾ ਵਿਸ਼ਾ ਹੈ। ਇਸ ਤਰ੍ਹਾਂ ਦੀਆਂ ਗੱਲਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਕਿਸ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਪੰਜਾਬ ਨੂੰ ਪਿੱਛੇ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।