ਨਾਰਨੌਂਦ, 6 ਨਵੰਬਰ (ਦਲਜੀਤ ਸਿੰਘ)- ਹਰਿਆਣਾ ਦੇ ਨਾਰਨੌਂਦ ’ਚ ਕਿਸਾਨਾਂ ਦੀ ਬੈਠਕ ’ਚ ਸੰਯੁਕਤ ਕਿਸਾਨ ਮੋਰਚਾ ਅਤੇ ਹਿਸਾਰ ਜ਼ਿਲ੍ਹੇ ਦੀ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਬੈਠਕ ’ਚ ਫ਼ੈਸਲਾ ਲਿਆ ਗਿਆ ਹੈ ਕਿ ਮੰਗਾਂ ਨਾ ਪੂਰੀ ਹੋਣ ਤੱਕ ਨਾਰਨੌਂਦ ਥਾਣੇ ਦੇ ਬਾਹਰ ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਮੰਗ ਹੈ ਕਿ ਸ਼ੁੱਕਰਵਾਰ ਦੀ ਘਟਨਾ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮਾ ਤੁਰੰਤ ਖਾਰਜ ਹੋਵੇ ਅਤੇ ਕਿਸਾਨ ਕੁਲਦੀਪ ਰਾਣਾ ’ਤੇ ਹਮਲਾ ਕਰਨ ਦੇ ਮਾਮਲੇ ’ਚ ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 8 ਤਾਰੀਖ਼ ਨੂੰ ਐੱਸ. ਪੀ. ਹਾਂਸੀ ਦਫ਼ਤਰ ਦਾ ਘਿਰਾਓ ਕਰਨਗੇ ਅਤੇ ਅੱਗੇ ਦਾ ਫ਼ੈਸਲਾ ਲੈਣਗੇ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਆਗੂ ਰਵੀ ਆਜ਼ਾਦ, ਵਿਕਾਸ, ਸੁਰੇਸ਼, ਅਭਿਮਨਿਊ ਕੋਹਾੜ ਸਮੇਤ ਹੋਰ ਆਗੂ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹਿਸਾਰ ਦੇ ਨਾਰਨੌਂਦ ’ਚ ਕਿਸਾਨਾਂ ਨੇ ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ਨੇ ਡੰਡਿਆਂ ਨਾਲ ਹਮਲਾ ਕਰ ਕੇ ਗੱਡੀ ਦਾ ਸ਼ੀਸ਼ਾ ਵੀ ਤੋੜ ਦਿੱਤਾ। ਜਿਸ ਤੋਂ ਬਾਅਦ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ ਅਤੇ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਕਿਸਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਮਗਰੋਂ ਕਿਸਾਨਾਂ ਦੇ ਸਮੂਹ ਨੇ ਰਾਮਾਇਣ ਟੋਲ ਪਲਾਜ਼ਾ ਵੀ ਜਾਮ ਕਰ ਦਿੱਤਾ ਸੀ। ਜਾਂਗੜਾ ਦੀ ਗੱਡੀ ’ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿਚ ਪੁਲਸ ਨੇ ਤਿੰਨ ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ।