ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਪੇਸ਼ ਕੀਤਾ ਗਿਆ ਮਤਾ ਪਾਸ ਕਰ ਦਿੱਤਾ ਗਿਆ ਹੈ। ਇਹ ਮਤਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਦੌਰਾਨ ਭਾਜਪਾ ਦੇ ਦੋਵੇਂ ਵਿਧਾਇਕ ਸਦਨ ‘ਚੋਂ ਗੈਰ-ਹਾਜ਼ਰ ਰਹੇ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਸ ‘ਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਉੱਥੇ ਹੀ ਮੁੱਖ ਮੰਤਰੀ ਚੰਨੀ ਨੇ ਵੀ ਕਿਹਾ ਹੈ ਕਿ ਸਰਬ ਸੰਮਤੀ ਨਾਲ ਇਸ ਮਤੇ ਨੂੰ ਪਾਸ ਕੀਤਾ ਗਿਆ ਹੈ ਅਤੇ ਇਹ ਸਾਂਝੀ ਲੜਾਈ ਹੈ, ਜੋ ਕਿ ਮਿਲ ਕੇ ਲੜੀ ਜਾਵੇਗੀ।