ਗੁਰਦਾਸਪੁਰ, 11 ਨਵੰਬਰ (ਦਲਜੀਤ ਸਿੰਘ)- ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਪੱਤਰ ਲਿਿਖਆ ਗਿਆ ਹੈ, ਜਿਸ ’ਚ ਉਨ੍ਹਾਂ ਨੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕੀਤੀ ਹੈ। ਪ੍ਰਤਾਬ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸਤਾਵ ਨੂੰ ਵਿਆਪਕ ਸਮਰਥਨ ਪ੍ਰਾਪਤ ਹੋਇਆ ਹੈ। ਇਸੇ ਲਈ ਅੱਜ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਨਾ ਇਕ ਆਦਰਸ਼ ਪਲ ਹੋਵੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਸੀ।
ਇਸੇ ਲਈ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552 ਪ੍ਰਕਾਸ਼ ਪੁਰਬ, ਜੋ ਕਿ 19 ਨਵੰਬਰ, 2021 ਨੂੰ ਮਨਾਇਆ ਜਾ ਰਿਹਾ ਹੈ, ਤੋਂ ਪਹਿਲਾਂ ਬਟਾਲਾ ਜ਼ਿਲ੍ਹੇ ਦੀ ਸਿਰਜਣਾ ਨੂੰ ਸਮਰਪਿਤ ਕਰਨ ਦੀ ਅਪੀਲ ਕਰਦੇ ਹਾਂ। ਬਾਜਵਾ ਨੇ ਪੱਤਰ ’ਚ ਲਿਿਖਆ ਕਿ ਇਸ ਸਾਲ ਅਗਸਤ ’ਚ ਉਹ ਤਤਕਾਲੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੂੰ ਲਿਖੀ ਹੋਈ ਚਿੱਠੀ ’ਚ ਪ੍ਰਤਾਪ ਸਿੰਘ ਬਾਜਵਾ ਨੇ ਬਟਾਲੇ ਦੀ ਇਤਿਹਾਸਿਕ ਮਹੱਤਤਾ ’ਤੇ ਖ਼ਾਸ ਤੌਰ ’ਤੇ ਚਾਨਣਾ ਪਾਇਆ ਹੈ।