ਅੰਮ੍ਰਿਤਸਰ, 17 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਹਿਤ ਹੀ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ|
ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਹਿੱਸਾ ਲੈਂਦੇ ਹਨ। ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।