ਚੰਡੀਗੜ੍ਹ,17 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਵੇਲੇ 32 ਕਿਸਾਨ ਜੱਥੇਬੰਦੀਆਂ ਦੇ ਵਫ਼ਦ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਗੱਲਬਾਤ ਦੌਰਾਨ ਕਈ ਮੰਗਾਂ ਰੱਖੀਆਂ ਗਈਆਂ ਹਨ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਦਾ ਸਕਿਓਰਿਟੀ ਨਾਲ ਵਿਵਾਦ ਹੋ ਗਿਆ ਸੀ।
ਕਿਸਾਨਾਂ ਦਾ ਦੋਸ਼ ਸੀ ਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਧੱਕੇ ਮਾਰੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਖ਼ੁਦ ਕਿਸਾਨਾਂ ਨੂੰ ਮਨਾਇਆ ਗਿਆ ਅਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਵੀ ਕਿਸਾਨਾਂ ਕੋਲੋਂ ਮੁਆਫ਼ੀ ਮੰਗੀ ਗਈ। ਇਸ ਤੋਂ ਬਾਅਦ ਕਿਸਾਨ ਮੁੱਖ ਮੰਤਰੀ ਨਾਲ ਬੈਠਕ ਕਰਨ ਲਈ ਰਾਜ਼ੀ ਹੋਏ ਸਨ। ਫਿਲਹਾਲ ਮੁੱਖ ਮੰਤਰੀ ਚੰਨੀ ਅਤੇ ਕਿਸਾਨਾਂ ਵਿਚਕਾਰ ਇਹ ਬੈਠਕ ਜਾਰੀ ਹੈ।