ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ‘ਮੁੱਖ ਮੰਤਰੀ ਚੰਨੀ’, ਸੰਗਤਾਂ ਲਈ ਕੀਤਾ ਵੱਡਾ ਐਲਾਨ

channi/nawanpunjab.com

ਅੰਮ੍ਰਿਤਸਰ, 18 ਨਵੰਬਰ (ਦਲਜੀਤ ਸਿੰਘ)- ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਪਸ ਪਰਤ ਆਏ ਹਨ। ਵਾਪਸ ਆਉਣ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ, ਜੋ ਮੁੜ ਤੋਂ ਖੋਲ੍ਹ ਦਿੱਤਾ ਗਿਆ, ਬਹੁਤ ਵਧੀਆ ਗੱਲ ਹੈ। ਮੈਂ ਇਸ ਖ਼ਾਸ ਮੌਕੇ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪੀ.ਐੱਮ. ਇਮਰਾਨ ਖ਼ਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਾ ਹਾਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਖ਼ਾਸ ਮੌਕੇ ’ਤੇ ਸੰਗਤਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਤੱਕ ਫ੍ਰੀ ਬੱਸ ਸਰਵਿਸ ਸ਼ੁਰੂ ਕਰਵਾਏਗੀ। ਉਨ੍ਹਾਂ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣਗੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਬੱਸਾਂ ਡੇਰਾ ਬਾਬਾ ਨਾਨਕ ਤੱਕ ਫ੍ਰੀ ਲੈ ਕੇ ਆਉਣਗੀਆਂ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੇਰੀ ਮੰਗ ਹੈ ਕਿ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜੋ ਪਾਸਪੋਰਟ ਵਰਗੀ ਸ਼ਰਤ ਰੱਖੀ ਗਈ ਹੈ, ਉਸ ਦਾ ਕੋਈ ਬਦਲ ਲੱਭਿਆ ਜਾਵੇ।

ਇਸ ਸ਼ਰਤ ’ਚ ਬਦਲਾਅ ਕਰਨ ਨਾਲ ਪੰਜਾਬ ਦੇ ਲੋਕਾਂ ਸੌਖੇ ਤਰੀਕੇ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਸਰਕਾਰਾਂ ਵਿੱਚ ਇਸੇ ਤਰ੍ਹਾਂ ਸ਼ਾਂਤਮਈ ਮਾਹੌਲ ਬਣਿਆ ਰਹੇ। ਦੋਵੇਂ ਸਰਕਾਰਾਂ ਨੂੰ ਵਪਾਰ ਕਰਨ ਲਈ ਵੀ ਬਾਰਡਰ ਖੋਲ੍ਹ ਦੇਣੇ ਚਾਹੀਦੇ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਮੋਦੀ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਸਾਡੀ ਗੱਲ ਮੰਨੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਲਾਂਘਾ ਖੋਲ੍ਹ ਦਿੱਤਾ। ਇਸ ਦੇ ਲਈ ਉਹ ਉਨ੍ਹਾਂ ਦਾ ਬਹੁਤ ਧੰਨਵਾਦ ਕਰਦੇ ਹਨ। ਇਸ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਸਰਹੱਦ ਪਾਰ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ। ਪਾਕਿਸਤਾਨ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਗਿਆ।

Leave a Reply

Your email address will not be published. Required fields are marked *