ਕਿਸਾਨ ਆਗੂਆਂ ਦੀ ਪੁਲਿਸ ਨਾਲ ਮੀਟਿੰਗ
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪ੍ਰੇਸ਼ਾਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਬੈਰੀਕੇਡ ਲਾ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾਈ
ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚੇ
ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਮੌਕੇ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚੇ ਹਨ।
ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ
ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।