ਐੱਸਏਐੱਸ ਨਗਰ, 27 ਨਵੰਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿਖੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਸਰਕਾਰਾਂ ਅਧਿਆਪਕਾਂ ਨੂੰ ਪੱਕੇ ਕਰਨ ਦੀ ਨੀਤੀ ‘ਤੇ ਟਾਲ ਮਟੋਲ ਕਰ ਰਹੀਆਂ ਹਨ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਦਾਅਵੇ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਨਹੀਂ ਕੀਤਾ ਜਾ ਸਕਦਾ ਬਿਲਕੁਲ ਝੂਠੇ ਤੇ ਬੇਬੁਨਿਆਦ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਵਿਖੇ ਹਾਲ ਹੀ ਵਿਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਕੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਾਲ ਵੀਹ ਸੌ ਬਾਈ ਵਿਚ ਸਰਕਾਰ ਬਣਦੀ ਹੈ ਤਾਂ ਦਿੱਲੀ ਵਾਲਾ ਮਾਡਲ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਲੁਧਿਆਣਾ ਫੇਰੀ ਦੌਰਾਨ ਉਹ ਅਧਿਆਪਕਾਂ ਨੂੰ ਮਿਲੇ ਸਨ ਤੇ ਇਸ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਆਇਆ ਕਿ ਬਹੁਤ ਸਾਰੇ ਸਕੂਲ ਪੰਜਾਬ ਵਿਚ ਅਜਿਹੇ ਹਨ ਜਿੱਥੇ ਅਧਿਆਪਕ ਹੀ ਨਹੀਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਿਆ ਦਾ ਮਿਆਰ ਉੱਚਾ ਕਰਨ ਲਈ ਵੱਡੇ ਪੱਧਰ ‘ਤੇ ਭਰਤੀ ਵੀ ਕਰਾਂਗੇ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਵਿਚ ਹੁਣ ਤਕ ਕਾਂਗਰਸ ਪਾਰਟੀ ਦੇ ਕਿੱਨੇ ਹੀ ਆਗੂ ਆਏ ਹੋਣਗੇ ਪਰ ਅਧਿਆਪਕਾਂ ਨੂੰ ਭਾਵਨਾਤਮਕ ਤੌਰ ‘ਤੇ ਮਨਾ ਕੇ ਉਨ੍ਹਾਂ ਨੂੰ ਪੱਕੇ ਕਰਨ ਦੀਆਂ ਸ਼ਰਤਾਂ ਹਾਲੇ ਤਕ ਨਹੀਂ ਮੰਨੀਆਂ ਗਈਆਂ ਜਿਹੜੀ ਕਿ ਬਹੁਤ ਮਾੜੀ ਗੱਲ ਹੈ।