ਨਵੀਂ ਦਿੱਲੀ, 3 ਦਸੰਬਰ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਚਿਤਾਵਨੀ ਦਿੱਤੀ ਹੈ ਕਿ ਉੁਹ ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰੇ ਅਤੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਗੁਰਦੁਆਰਾ ਪ੍ਰਬੰਧਾਂ ਵਿਚ ਦਖਲ ਦਿੱਤਾ ਤਾਂ ਪੰਥਕ ਸੰਸਥਾਵਾਂ ਇਸ ਧੱਕੇਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਇਥੇ ਦਿੱਲੀ ਕਮੇਟੀ ਦੇ ਨਵੇਂ ਚੁਣੇ ਅਕਾਲੀ ਦਲ ਨਾਲ ਸਬੰਧਤ 30 ਮੈਂਬਰਾਂ ਦੇ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੋ ਸੰਵਿਧਾਨਕ ਸੰਕਟ ਆਇਆ ਹੈ, ਉਹ ਇਸ ਵਾਰ ਦੀਆਂ ਦਿੱਲੀ ਕਮੇਟੀ ਚੋਣਾਂ ਵਿਚ ਵੀ ਤੇ ਉਸ ਤੋਂ ਬਾਅਦ ਬਣੇ ਹਾਲਾਤ ਵਿਚ ਵੀ ਦਿੱਲੀ ਤੇ ਕੇਂਦਰ ਸਰਕਾਰ ਦੋਵੇਂ ਗੁਰਦੁਆਰਾ ਪ੍ਰਬੰਧ ਵਿਚ ਦਖਲ ਦੇਣ ਤੇ ਗੁਰਧਾਮਾਂ ’ਤੇ ਕਬਜ਼ੇ ਕਰਨ ਦੇ ਯਤਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਅਕਾਲੀ ਦਲ ਦਾ ਚੋਣ ਨਿਸ਼ਾਨ ਖੋਹਣ ਤੋਂ ਲੈ ਕੇ ਹੁਣ ਤੱਕ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ਾਂ ਬਿਲਕੁੱਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਤੇ ਸਾਜ਼ਿਸ਼ਕਾਰਾਂ ਨੁੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਸਿਰਸਾ ਵੱਲੋਂ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਤੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਉਨ੍ਹਾਂ ਦਾ ਨਿੱਜੀ ਫੈਸਲਾ ਕਰਾਰ ਦਿੰਦਿਆਂ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਚਲਾਉਣ ਲਈ ਅਸੀਂ ਬਣੇ ਹਾਲਾਤ ਬਾਰੇ ਕਾਨੂੰਨੀ ਰਾਏ ਲੈ ਰਹੇ ਹਨ ਤੇ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅਦਾਲਤਾਂ ਤੱਕ ਵੀ ਪਹੁੰਚ ਕਰਾਂਗੇ ਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਕੋਲ ਵੀ ਪਹੁੰਚ ਕਰਾਂਗੇ ਕਿ ਨਵੇਂ ਚੁਣੇ ਗਏ ਮੈਂਬਰਾਂ ਦਾ ਜਨਰਲ ਹਾਊਸ ਜਲਦੀ ਸੱਦਿਆ ਜਾਵੇ ਤੇ ਨਵੀਂ ਕਾਰਜਕਾਰਨੀ ਦੀ ਚੋਣ ਕਰਵਾਈ ਜਾਵੇ ਤਾਂ ਜੋ ਕਮੇਟੀ ਦੀਆਂ ਸਮੁੱਚੀਆਂ ਸੰਸਥਾਵਾਂ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾ ਸਕਣ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ 27 ਸੀਟਾਂ ਜਿੱਤੀਆਂ ਸਨ ਤੇ ਇਸ ਮਗਰੋਂ ਇਕ ਹੋਰ ਮੈਂਬਰ ਸਾਡੀ ਪਾਰਟੀ ਨੂੰ ਸੰਗਤ ਵੱਲੋਂ ਦਿੱਤੇ ਫਤਵੇ ਨੁੰ ਵੇਖਦਿਆਂ ਸਾਡੇ ਵਿਚ ਸ਼ਾਮਲ ਹੋਇਆ ਤੇ ਫਿਰ ਕੋਆਪਸ਼ਨ ਰਾਹੀਂ ਤੇ ਨਿਕਲੇ ਡਰਾਅ ਰਾਹੀਂ ਬਣੇ ਮੈਂਬਰਾਂ ਦੀ ਬਦੌਲਤ ਹੁਣ 30 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਹਨ ਜੋ 51 ਮੈਂਬਰੀ ਜਨਰਲ ਹਾਊਸ ’ਚ ਵੱਡਾ ਬਹੁਮਤ ਹੈ।