ਨਵੀਂ ਦਿੱਲੀ, 7 ਦਸੰਬਰ (ਦਲਜੀਤ ਸਿੰਘ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ। ਰਾਹੁਲ ਗਾਂਧੀ ਨੇ ਸਦਨ ਵਿੱਚ ਲਿਸਟ ਵਿਖਾਉਂਦਿਆਂ ਸਰਕਾਰ ਦੇ ਉਸ ਦਾਅਵੇ ਨੂੰ ਖਾਰਜ ਕੀਤਾ ਕਿ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ। ਉਨ੍ਹਾਂ ਨੇ ਲੋਕ ਸਭਾ ‘ਚ ਕਿਸਾਨ ਅੰਦੋਲਨ ‘ਚ ਮਾਰੇ ਗਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ। ਰਾਹੁਲ ਨੇ ਕਿਹਾ, ਖੇਤੀਬਾੜੀ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਉਨ੍ਹਾਂ ਕੋਲ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ। ਇਸ ਬਾਰੇ ਅਸੀਂ ਤਹਿਕੀਕਾਤ ਕੀਤੀ ਤਾਂ ਪਤਾ ਲੱਗਾ ਪੰਜਾਬ ਸਰਕਾਰ ਨੇ 400 ਦੇ ਕਰੀਬ ਕਿਸਾਨਾਂ ਨੂੰ 5 ਲੱਖ ਦਾ ਮੁਆਵਜ਼ਾ ਤੇ 152 ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਹੈ। ਮੇਰੇ ਕੋਲ ਇਹ ਸੂਚੀ ਹੈ, ਜੋ ਮੈਂ ਸਦਨ ਦੇ ਸਾਹਮਣੇ ਰੱਖ ਰਿਹਾ ਹਾਂ। ਰਾਹੁਲ ਗਾਂਧੀ ਨੇ ਅੱਗੇ ਕਿਹਾ, ਅਸੀਂ ਹਰਿਆਣਾ ਦੇ 70 ਕਿਸਾਨਾਂ ਦੀ ਸੂਚੀ ਬਣਾਈ ਹੈ, ਜਿਸ ਨੂੰ ਮੈਂ ਸਦਨ ਦੇ ਸਾਹਮਣੇ ਰੱਖ ਰਿਹਾ ਹਾਂ। ਕਾਂਗਰਸੀ ਆਗੂ ਨੇ ਕਿਹਾ ਕਿ ਪੀਐਮ ਮੋਦੀ ਨੇ ਮੁਆਫ਼ੀ ਮੰਗੀ ਹੈ ਤੇ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਕੋਈ ਕਿਸਾਨ ਸ਼ਹੀਦ ਨਹੀਂ ਹੋਇਆ ਜਾਂ ਸਰਕਾਰ ਕੋਲ ਉਨ੍ਹਾਂ ਦੇ ਰਿਕਾਰਡ ਨਹੀਂ ਹਨ। ਮੈਂ ਚਾਹੁੰਦਾ ਹਾਂ ਕਿ ਜੋ ਵੀ ਉਨ੍ਹਾਂ ਦਾ ਹੱਕ ਹੈ ਤੇ ਪੀਐਮ ਮੋਦੀ ਨੇ ਜੋ ਕਿਹਾ ਹੈ, ਮੁਆਫੀ ਮੰਗੀ ਹੈ, ਉਨ੍ਹਾਂ ਦਾ ਹੱਕ ਪੂਰਾ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਰੁਜ਼ਗਾਰ ਮਿਲਣਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਗੱਲ਼ਬਾਤ ਦਾ ਸੱਦਾ
ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦੇ ਬਾਵਜੂਦ ਕੇਂਦਰ ਸਰਕਾਰ ਖਾਮੋਸ਼ ਹੈ। ਸਰਕਾਰ ਵੱਲੋਂ ਗੱਲ਼ਬਾਤ ਲਈ ਕੋਈ ਸੱਦਾ ਨਹੀਂ ਆਇਆ। ਇਸ ਦੀ ਪੁਸ਼ਟੀ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਅਸ਼ੋਕ ਦਲਵੇ ਨੇ ਕਿਹਾ ਕਿ ਅਜੇ ਤੱਕ ਸਰਕਾਰ ਨੇ ਸਾਨੂੰ ਕੋਈ ਸੱਦਾ ਨਹੀਂ ਭੇਜਿਆ। ਸਰਕਾਰ ਨੇ ਅਜੇ ਤੱਕ ਗੱਲਬਾਤ ਲਈ ਕੋਈ ਪਹਿਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਗੱਲਬਾਤ ਲਈ ਦੋ ਦਿਨ ਸੀ ਪਰ ਲੱਗਦਾ ਹੈ ਕਿ ਸਰਕਾਰ ਸਾਨੂੰ ਕਮਜ਼ੋਰ ਸਮਝਦੀ ਹੈ ਤੇ ਗੱਲ ਨਹੀਂ ਕਰਨਾ ਚਾਹੁੰਦੀ। ਕਿਸਾਨ ਲੀਡਰ ਧਾਵਲੇ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਸਰਕਾਰ ਨੇ ਸਾਡੀ ਗੱਲ ਸੁਣੀ ਹੁੰਦੀ ਤਾਂ ਅਸੀਂ ਅੰਦੋਲਨ ਖਤਮ ਕਰ ਸਕਦੇ ਸੀ। ਉਨ੍ਹਾਂ ਕਿਹਾ ਕਿ ਕਿਉਂਕਿ ਸਰਕਾਰ ਨੇ ਗੱਲ ਨਹੀਂ ਸੁਣੀ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਵੱਡੇ ਐਲਾਨ ਕੀਤੇ ਜਾਣਗੇ।