ਚੰਡੀਗੜ੍ਹ, 22 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਰਮਬੰਸ ਸਿੰਘ ਰੋਮਾਣਾ ਨੇ ਮਜੀਠੀਆ ’ਤੇ ਦਰਜ ਐੱਫ. ਆਈ. ਆਰ. ਨੂੰ ਲੈ ਕੇ ਕਿਹਾ ਹੈ ਕਿ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟਤਾ ਨਾਲ ਕਹਿਣਾ ਚਾਹੁੰਦੇ ਹਾਂ ਕਿ ਜੇਕਰ ਕੋਈ ਵਰਦੀ ਪਾ ਕੇ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਸਜ਼ਾ ਉਸਨੂੰ ਵੀ ਮਿਲੇਗੀ ਕਿਉਂਕਿ ਦਿਨ ਬਹੁਤ ਜ਼ਿਆਦਾ ਨਹੀਂ ਰਹਿ ਗਏ ਹਨ। ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐੱਫ. ਆਈ. ਆਰ. ਦਰਜ ਕਰ ਕੇ ਮਜੀਠੀਆ ਨੂੰ ਨਿਸ਼ਾਨਾ ਨਹੀਂ ਬਣਾਇਆ ਹੈ, ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਹੈ। ਮਜੀਠੀਆ ਨੂੰ ਸਿਰਫ਼ ਅਤੇ ਸਿਰਫ਼ ਇੱਕ ਬਦਲੇ ਦੀ ਰਾਜਨੀਤੀ ਤਹਿਤ ਫਸਾਇਆ ਜਾ ਰਿਹਾ ਹੈ ਪਰ ਕਾਂਗਰਸ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਉਹ ਇਸ ਸਾਜ਼ਿਸ਼ ਵਿਚ ਕਾਮਯਾਬ ਨਹੀਂ ਹੋ ਸਕੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ ‘ਚ ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ। ਬਿਕਰਮ ਮਜੀਠੀਆ ‘ਤੇ ਧਾਰਾ 25, 27ਏ Dਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਸ ਨੇ ਮਜੀਠੀਆ ਖ਼ਿਲਾਫ਼ ਇਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਹੈ।