ਨਵੀਂ ਦਿੱਲੀ, 4 ਜਨਵਰੀ (ਬਿਊਰੋ)- ਦਿੱਲੀ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਕਰਫਿਊ ਰਹੇਗਾ। ਦੱਸ ਦੇਈਏ ਕਿ ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,099 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਖ਼ੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਵਿਚ ਨਾਈਟ ਕਰਫਿਊ ਪਹਿਲਾਂ ਤੋਂ ਹੀ ਲਾਗੂ ਹੈ।
ਮੰਗਲਵਾਰ ਨੂੰ ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਦੀ ਬੈਠਕ ਹੋਈ। ਇਸ ਦੌਰਾਨ ਕੋਰੋਨਾ ਵਾਇਰਸ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਹੋਈ। ਜਿਸ ਤੋਂ ਬਾਅਦ ਵੀਕੈਂਡ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀਆਂ ਦਾ ਵਰਕ ਫਰਾਮ ਹੋਮ ਕੀਤਾ ਗਿਆ ਹੈ। ਹਾਲਾਂਕਿ ਜ਼ਰੂਰੀ ਸੇਵਾਵਾਂ ’ਚ ਲੱਗੇ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ। ਪ੍ਰਾਈਵੇਟ ਦਫ਼ਤਰਾਂ ਵਿਚ ਵੀ 50 ਫ਼ੀਸਦੀ ਕਰਮਚਾਰੀ ਦਾ ਵਰਕ ਫਰਾਮ ਹੋਮ ਕੀਤਾ ਗਿਆ ਹੈ।