ਚੰਡੀਗੜ੍ਹ, 28 ਜੂਨ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕੱਲ 26 ਜੂਨ ਨੂੰ ਚੰਡੀਗੜ੍ਹ ਵਿਖੇ ਗਵਰਨਰ ਨੂੰ ਮੰਗ ਪੱਤਰ ਦੇਣ ਗਏ ਕਿਸਾਨ ਜਥੇਬੰਦੀਆਂ ਦੇ ਆਗੂਆਂ ’ਤੇ ਚੰਡੀਗੜ੍ਹ ਪੁਲੀਸ ਵਲੋਂ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਦਰਜ ਪਰਚਿਆਂ ’ਚ ਲੋਕ ਕਿਸਾਨ ਆਗੂ ਬਲਦੇਵ ਸਿੰਘ ਸਰਸਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਗਾਇਕ ਜੱਸ ਬਾਜਵਾ, ਲੱਖਾ ਸਿਧਾਣਾ ਤੇ ਸੋਨੀਆ ਮਾਨ ਸਮੇਤ ਅਣਪਛਾਤੇ ਵਿਅਕਤੀਆਂ ’ਤੇ ਪਰਚੇ ਦਰਜ ਕੀਤੇ ਗਏ ਹਨ।
ਇਨ੍ਹਾਂ ਦਰਜ ਕੀਤੇ ਗਏ ਪਰਚਿਆਂ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਬਰਨਾਲਾ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇਸ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਦੋਵਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਸਾਨੂੰ ਅੱਜ ਸਵੇਰੇ ਹੀ ਮਾਮਲੇ ਦਰਜ ਹੋਣ ਦਾ ਪਤਾ ਲੱਗਾ ਹੈ ਤੇ ਅਸੀਂ ਸਮੁੱਚੀਆਂ ਜਥੇਬੰਦੀਆਂ ਵਲੋਂ ਇਸ ਕਾਰਵਾਈ ਦੀ ਸਖ਼ਤ ਨਿੰਦਿਆ ਕਰਦੇ ਹਾਂ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਇਹ ਮਾਮਲੇ ਬਿਨਾਂ ਕਿਸੇ ਦੇਰੀ ਦੇ ਰੱਦ ਕੀਤੇ ਜਾਣ।