ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ।
ਦੱਸਣਯੋਗ ਹੈ ਕਿ ਬਾਦਲ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਨੂੰ ਲੁਧਿਆਣਾ ਸਥਿਤ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐੱਮ.ਸੀ.ਐੱਚ.) ‘ਚ ਦਾਖ਼ਲ ਕਰਵਾਇਆ ਗਿਆ ਹੈ।
ਡੀ.ਐੱਮ.ਸੀ.ਐੱਚ. ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਸ਼ਰਮਾ ਨੇ ਕਿਹਾ ਕਿ ਬਾਦਲ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਕੋਵਿਡ ਸੈਕਸ਼ਨ ਦੇ ਇੰਚਾਰਜ ਰਾਜੇਸ਼ ਮਹਾਜਨ ਨੇ ਕਿਹਾ ਕਿ ਬਾਦਲ ਦੀ ਰੈਪਿਡ ਐਂਟੀਜਨ ਜਾਂਚ ਦੀ ਰਿਪੋਰਟ ਪਾਜ਼ੇਟਿਵ ਹੈ। ਉਨ੍ਹਾਂ ਦੱਸਿਆ ਕਿ ਬਾਦਲ ਨੂੰ ਇਕ ਨਿੱਜੀ ਰੂਮ ‘ਚ ਦਾਖ਼ਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਹਨ।