ਚੰਡੀਗੜ੍ਹ, 24 ਜਨਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੀ. ਐੱਮ. ਚਿਹਰੇ ਦਾ ਐਲਾਨ ਇਕ ਵੱਡਾ ਸਕੈਮ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ।
ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਚਿਹਰੇ ਲਈ ਜੋ ਨੰਬਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੀ, ਉਸ ‘ਤੇ 4 ਦਿਨਾਂ ‘ਚ 21 ਲੱਖ ਫੋਨ ਕਾਲਾਂ ਆਉਣੀਆਂ ਅਸੰਭਵ ਹਨ।
ਉਨ੍ਹਾਂ ਕਿਹਾ ਕਿ ਇਕ ਪ੍ਰਾਈਵੇਟ ਨੰਬਰ ‘ਤੇ 5000 ਤੋਂ ਵੱਧ ਕਾਲਾਂ ਜਾਂ ਮੈਸਜ ਨਹੀਂ ਆ ਸਕਦੇ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨ ਦੇਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਵੀ ਮਜੀਠੀਆ ਕੋਲੋਂ ਮੁਆਫ਼ੀ ਮੰਗੀ ਹੈ ਅਤੇ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਵੀ ਉਨ੍ਹਾਂ ਦਾ ਕੋਈ ਸਟੈਂਡ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਨੰਬਰ ‘ਤੇ ਜੇਕਰ ਕੋਈ ਵੀ ਕਾਲ ਆਉਂਦੀ ਹੈ ਤਾਂ ਉਸ ਦਾ ਰਿਕਾਰਡ ਹੁੰਦਾ ਹੈ। ਨਵਜੋਤ ਸਿੱਧੂ ਨੇ ਕੇਜਰੀਵਾਲ ਕੋਲੋਂ 21 ਲੱਖ ਕਾਲਾਂ ਦਾ ਰਿਕਾਰਡ ਮੰਗਿਆ ਹੈ।