ਮੋਹਾਲੀ, 27 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਭੁਲੱਥ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ 31 ਜਨਵਰੀ ਨੂੰ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਲਈ ਇਜਾਜ਼ਤ ਦੇ ਦਿੱਤੀ ਗਈ ਹੈ। ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ। ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਹਨ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਲਈ ਲਿਜਾਇਆ ਜਾਵੇ।
ਸੁਖਪਾਲ ਖਹਿਰਾ ਵੱਲੋਂ ਮੋਹਾਲੀ ਦੀ ਅਦਾਲਤ ‘ਚ ਅਰਜ਼ੀ ਦਾਖ਼ਲ ਕੀਤੀ ਗਈ ਸੀ ਕਿ ਉਹ ਜੇਲ੍ਹ ‘ਚ ਬੰਦ ਹਨ ਅਤੇ ਉਨ੍ਹਾਂ ਨੂੰ ਭੁਲੱਥ ਤੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਹਲਕਾ ਭੁਲੱਥ ਤੋਂ ਉਮੀਦਵਾਰ ਹਨ ਅਤੇ ਉਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣੇ ਹਨ। ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਭੁਲੱਥ ਵਿਖੇ ਲਿਜਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਜਾਣ, ਜਿਸ ਤੋਂ ਬਾਅਦ ਵੀਰਵਾਰ ਨੂੰ ਅਦਾਲਤ ਵੱਲੋਂ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।