ਚੰਡੀਗੜ੍ਹ, 31 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਜੀਠੀਆ ਨੂੰ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ 23 ਫਰਵਰੀ ਨੂੰ ਮਜੀਠੀਆ ਨੂੰ ਮੈਜਿਸਟ੍ਰੇਟ ਸਾਹਮਣੇ ਸਰੰਡਰ ਕਰਨਾ ਪਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਅੱਜ ਦੇ ਦਿਨ ਤੱਕ ਲਈ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਈ ਹੋਈ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗਜ਼ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਵੱਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਾਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਗਈ ਸੀ ਪਰ ਪੁਲਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮਯਾਬ ਰਹੀ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਹੁਕਮ ਵੀ ਜਾਰੀ ਕੀਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਉਸ ਸਮੇਂ ਰਾਹਤ ਮਿਲੀ ਸੀ, ਜਦੋਂ ਅਦਾਲਤ ਨੇ ਸੋਮਵਾਰ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ। ਅੱਜ ਦੇ ਫ਼ੈਸਲੇ ‘ਚ ਅਦਾਲਤ ਨੇ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ।