ਚੰਡੀਗੜ੍ਹ, 14 ਫਰਵਰੀ (ਬਿਊਰੋ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਾਅਨਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨੀਂਦ ਉੱਡ ਗਈ ਹੈ, ਮੈਂ ਉਨ੍ਹਾਂ ਦੇ ਸੁਪਨਿਆਂ ‘ਚ ਭੂਤ ਵਾਂਗ ਆ ਰਿਹਾ ਹਾਂ। ਉਹ ਸਾਰੀ ਰਾਤ ਸੌਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਹੋ ਗਈਆਂ ਹਨ। ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਤਾਂ ਉਹ ਕੇਜਰੀਵਾਲ ਨੂੰ ਗਾਲ੍ਹਾਂ ਕੱਢਦੇ ਹਨ, ਜਦੋਂ ਪ੍ਰਿਅੰਕਾ ਗਾਂਧੀ ਪੰਜਾਬ ਆਉਂਦੀ ਹੈ ਤਾਂ ਉਹ ਕੇਜਰੀਵਾਲ ਨੂੰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਜਰੀਵਾਲ ਤੇ ਭਗਵੰਤ ਮਾਨ ਖਿਲਾਫ ਬੋਲਦੇ ਹਨ, ਪਰ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੇ ਸੁਖਬੀਰ ਬਾਦਲ ਖਿਲਾਫ਼ ਕੁਝ ਨਹੀਂ ਬੋਲਿਆ।
ਇਸ ਤੋਂ ਸਾਫ ਹੈ ਕਿ ਸਾਰੀਆਂ ਪਾਰਟੀਆਂ ਇਕਜੁੱਟ ਹੋ ਗਈਆਂ ਹਨ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ‘ਚ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ‘ਚ ਨਾਕਾਮ ਰਹੀ ਹੈ। ਪਿਛਲੇ ਕਈ ਮਹੀਨਿਆਂ ‘ਚ ਬੇਅਦਬੀ, ਬੰਬ ਧਮਾਕੇ ਵਰਗੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਹਨ, ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਵੀ ਢਿੱਲ ਮੱਠ ਹੋਈ ਹੈ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।