ਪੰਜਾਬ ਚੋਣਾਂ ਨੂੰ ਲੈ ਕੇ ਬੋਲੇ ਕਰੁਣਾ ਰਾਜੂ, ਕਿਹਾ – ਮੁਕੰਮਲ ਹਨ ਸਾਰੇ ਪ੍ਰਬੰਧ

karuna/nawanpunjab.com

ਚੰਡੀਗੜ੍ਹ, 19 ਫਰਵਰੀ (ਬਿਊਰੋ)- ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ — 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।

Leave a Reply

Your email address will not be published. Required fields are marked *