ਰੋਮਾਨੀਆ, 26 ਫਰਵਰੀ (ਬਿਊਰੋ)- ਰੂਸੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਘਰ ਲਿਆਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਏਅਰ ਇੰਡੀਆ ਦਾ ਇੱਕ ਜਹਾਜ਼ ਸ਼ਨੀਵਾਰ ਸਵੇਰੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਲਈ ਮੁੰਬਈ ਹਵਾਈ ਅੱਡੇ ਤੋਂ ਰਵਾਨਾ ਹੋਇਆ। ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਨੰਬਰ AI1943 ਨੇ ਸਵੇਰੇ 3.40 ਵਜੇ ਮੁੰਬਈ ਹਵਾਈ ਅੱਡੇ ਤੋਂ ਉਡਾਣ ਭਰੀ ਅਤੇ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ ਦੇ ਕਰੀਬ ਬੁਖਾਰੇਸਟ ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਸੀ।
ਉਨ੍ਹਾਂ ਕਿਹਾ ਕਿ ਜੋ ਵੀ ਭਾਰਤੀ ਨਾਗਰਿਕ ਸੜਕ ਰਾਹੀਂ ਯੂਕਰੇਨ-ਰੋਮਾਨੀਆ ਸਰਹੱਦ ‘ਤੇ ਪਹੁੰਚੇ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਦੇ ਅਧਿਕਾਰੀ ਬੁਖਾਰੇਸਟ ਲੈ ਜਾਣਗੇ ਤਾਂ ਜੋ ਉਨ੍ਹਾਂ ਨੂੰ ਏਅਰ ਇੰਡੀਆ ਦੀਆਂ ਉਡਾਣਾਂ ਰਾਹੀਂ ਘਰ ਲਿਆਂਦਾ ਜਾ ਸਕੇ। ਏਅਰ ਇੰਡੀਆ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਘਰ ਲਿਆਉਣ ਲਈ ਸ਼ਨੀਵਾਰ ਨੂੰ ਬੁਖਾਰੇਸਟ ਅਤੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਲਈ ਹੋਰ ਉਡਾਣਾਂ ਚਲਾਏਗੀ।
ਯੂਕਰੇਨ ਵਿੱਚ ਫਸੇ ਹੋਏ ਹਨ 20000 ਭਾਰਤੀ
ਦੂਤਾਵਾਸ ਨੇ ਕਿਹਾ ਕਿ ਇਨ੍ਹਾਂ ਸਰਹੱਦੀ ਜਾਂਚ ਚੌਕੀਆਂ ਦੇ ਨੇੜੇ ਰਹਿਣ ਵਾਲੇ ਭਾਰਤੀ ਨਾਗਰਿਕਾਂ, ਖਾਸ ਤੌਰ ‘ਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵਿਦੇਸ਼ ਮੰਤਰਾਲੇ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਕ੍ਰਮਬੱਧ ਤਰੀਕੇ ਨਾਲ ਜਾਣ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਮੇਂ ਲਗਪਗ 20,000 ਭਾਰਤੀ ਯੂਕਰੇਨ ਵਿੱਚ ਫਸੇ ਹੋਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਹਨ।