ਪਟਿਆਲਾ, 1 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਦਲ ਵਰਕਰ ਪਟਿਆਲਾ ਜੇਲ ਦੇ ਬਾਹਰ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਬਹੁ-ਕਰੋੜੀ ਡਰੱਗ ਰੈਕਟ ’ਚ ਨਾਮਜ਼ਦ ਕੀਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਦੀ ਅਦਾਲਤ ਵਿਚ ਆਤਮਸਮਰਪਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਸੀ, ਜਿਸ ਨੂੰ ਖਾਰਜ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਪਟਿਆਲਾ ਜੇਲ ਭੇਜ ਦਿੱਤਾ ਸੀ।
ਯਾਦ ਰਹੇ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਮੋਹਾਲੀ ਦੀ ਅਦਾਲਤ ’ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ, ਜਿਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਨੇ ਦਿੰਦਿਆਂ ਨਿਆਇਕ ਹਿਰਾਸਤ ’ਚ ਭੇਜ ਦਿੱਤਾ।