ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ 17 ਮਾਮਲੇ ਵਾਪਸ ਲੈਣ ਦੀ ਦਿੱਤੀ ਮਨਜ਼ੂਰੀ

kisan/nawanpunjab.com

ਨਵੀਂ ਦਿੱਲੀ, 1 ਮਾਰਚ (ਬਿਊਰੋ)-ਦਿੱਲੀ ਸਰਕਾਰ ਨੇ ਸਾਲ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਪੁਲਸ ਵੱਲੋਂ ਪਿਛਲੇ ਸਾਲ ਦਰਜ ਕੀਤੇ ਗਏ 17 ਮਾਮਲਿਆਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ’ਚ ਗਣਤੰਤਰ ਦਿਵਸ ’ਤੇ ਹੋਈ ਹਿੰਸਾ ਨਾਲ ਜੁੜਿਆ ਇਕ ਮਾਮਲਾ ਵੀ ਸ਼ਾਮਲ ਹੈ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਉਪ-ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਵੱਲੋਂ ਗ੍ਰਹਿ ਮੰਤਰੀ ਸਤੇਂਦਰ ਜੈਨ ਨੂੰ 31 ਜਨਵਰੀ ਨੂੰ ਭੇਜੀ ਗਈ ਮਾਮਲਿਆਂ ਨਾਲ ਸਬੰਧਿਤ ਫਾਈਲ ਨੂੰ ਸੋਮਵਾਰ ਨੂੰ ਕਾਨੂੰਨ ਵਿਭਾਗ ਦੀ ਰਾਏ ਲੈਣ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਗਈ। ਦਿੱਲੀ ਪੁਲਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ 54 ਮਾਮਲਿਆਂ ’ਚੋਂ 17 ਵਾਪਸ ਲੈਣ ਦਾ ਫ਼ੈਸਲਾ ਕੀਤਾ ਸੀ। ਇਲ੍ਹਾਂ ’ਚ ਲੱਗਭਗ 200-300 ਪ੍ਰਦਰਸ਼ਨਕਾਰੀਆਂ ਅਤੇ 25 ਟਰੈਕਟਰਾਂ ਦੇ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮਲਾ ਵੀ ਸ਼ਾਮਲ ਹੈ, ਜਿਸ ਦੇ ਚਲਦਿਆਂ ਟਿਕਟ ਕਾਊਂਟਰਾਂ ਅਤੇ ਸੁਰੱਖਿਆ ਜਾਂਚ ਉਪਕਰਣਾਂ ਨੂੰ ਨੁਕਸਾਨ ਪਹੁੰਚਿਆ ਸੀ।

ਇਸ ਤੋਂ ਇਲਾਵਾ 150-175 ਟਰੈਕਟਰਾਂ ’ਤੇ ਸਵਾਰ ਹੋ ਕੇ ਉੱਤਰ ਪ੍ਰਦੇਸ਼ ਦੇ ਲੋਨੀ ਤੋਂ ਦਿੱਲੀ ਦਾਖਲ ਹੋਏ ਕਿਸਾਨਾਂ ਖ਼ਿਲਾਫ਼ ਉੱਤਰ-ਪੂਰਬੀ ਦਿੱਲੀ ਦੇ ਜੋਤੀ ਨਗਰ ਪੁਲਸ ਥਾਣੇ ’ਚ ਇਕ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਕਿਸਾਨਾਂ ਨੇ ਪੁਲਸ ਮੁਲਾਜ਼ਮਾਂ ਦੀ ਡਿਊਟੀ ’ਚ ਵਿਘਨ ਪਾਇਆ ਤੇ ਉਨ੍ਹਾਂ ’ਤੇ ਹਮਲਾ ਕੀਤਾ। ਜ਼ਿਆਦਾਤਰ ਮਾਮਲੇ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਹੱਦਾਂ ’ਤੇ ਖੇਤੀ ਕਾਨੂੰਨਾਂ ਵਿਰੁੱਧ ਇਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ ਕੋਵਿਡ-19 ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਾਲ ਸਬੰਧਤ ਹਨ। ਅੰਦੋਲਨਕਾਰੀ ਕਿਸਾਨਾਂ ਨੇ ਸੰਸਦ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਨਵੰਬਰ 2020 ’ਚ ਦਿੱਲੀ ਦੀਆਂ ਹੱਦਾਂ ’ਤੇ ਡੇਰੇ ਲਾਏ ਸਨ। ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ ਦਸੰਬਰ 2021 ’ਚ ਅੰਦੋਲਨ ਖ਼ਤਮ ਕਰ ਦਿੱਤਾ ਸੀ। ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੰਗ ’ਤੇ ਵੀ ਸਹਿਮਤੀ ਪ੍ਰਗਟਾਈ ਸੀ। ਪਿਛਲੇ ਸਾਲ ਗਣਤੰਤਰ ਦਿਵਸ ’ਤੇ ਇਕ ਟਰੈਕਟਰ ਰੈਲੀ ਦੌਰਾਨ ਅੰਦੋਲਨਕਾਰੀ ਕਿਸਾਨਾਂ ਦੇ ਦਿੱਲੀ ’ਚ ਦਾਖ਼ਲ ਹੋਣ ਤੋਂ ਬਾਅਦ ਹਿੰਸਾ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

Leave a Reply

Your email address will not be published. Required fields are marked *