ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ 4 ਮਾਰਚ ਨੂੰ ਕਰਨਗੀਆਂ ਡਿਪਟੀ ਕਮਿਸ਼ਨਰਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਦਿੱਤੇ ਜਾਣਗੇ ਮੰਗ ਪੱਤਰ

ਚੰਡੀਗੜ੍ਹ 2 ਮਾਰਚ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰਕੇ ਬੋਰਡ ਨੂੰ ਕੇੰਦਰੀ ਫੋਰਸ ਰਾਹੀ ਪੰਜਾਬ ਤੋਂ ਖੋਹ ਲੈਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ 4 ਮਾਰਚ ਨੂੰ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ । ਇਸ ਗੱਲ ਦੀ ਦੀ ਜਾਣਕਾਰੀ ਕਿਸਾਨ ਆਗੂ ਡਾ ਦਰਸ਼ਨਪਾਲ ਨੇ ਪੱਤਰਕਾਰਾਂ ਨੂੰ ਜਾਰੀ ਕੀਤੀ।
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆ ਕਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਦਸੂਹਾ ਗੰਨਾ ਸੰਘਰਸ਼ ਕਮੇਟੀ, ਅਜਾਦ ਕਿਸਾਨ ਕਮੇਟੀ ਦੋਆਬਾ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਜੈ ਕਿਸਾਨ ਅੰਦੋਲਨ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਖੋਸਾ,ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ, ਪੱਗੜੀ ਸੰਭਾਲ ਲਹਿਰ, ਬਾਡਰ ਕਿਸਾਨ ਸੰਘਰਸ਼ ਯੂਨੀਅਨ, ਕੰਡੀ ਏਰੀਆ ਸੰਘਰਸ਼ ਕਮੇਟੀ, ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ ,ਕਿਸਾਨ ਮਜਦੂਰ ਯੂਨੀਅਨ ਮਾਝਾ, ਭਾਰਤੀ ਕਿਸਾਨ ਯੂਨੀਅਨ, ਮਾਝਾ ਨੇ ਜੂਮ ਮੀਟੰਗ ਤੋਂ ਬਆਦ ਇਕਜੁੱਟ ਬਿਆਨ ਦਿੰਦਿਆਂ ਕਿਹਾ ਹੈ ਕੀ ਸੂਬਿਆਂ ਦੇ ਅਧਿਕਾਰਾਂ ਤੇ ਇੱਕ ਹੋਰ ਵੱਡਾ ਹਮਲਾ ਬੋਲਦਿਆਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਦਾ ਹੱਕ ਖੋਹ ਕੇ ਆਪਣੇ ਹੱਥ ਵਿਚ ਲੈ ਲਿਆ ਹੈ। ਜਿਸ ਨਾਲ ਸੂਬੇ ਅੰਦਰ ਵੱਡਾ ਆਰਥਿਕ ਅਤੇ ਭੂਗੋਲਿਕ ਨੁਕਸਾਨ ਹੋਵੇਗਾ ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਤੋਂ ਉਨ੍ਹਾਂ ਦੇ ਡੈਮ ਅਤੇ ਕੁਦਰਤੀ ਵਸੀਲੇ ਖੋਹ ਕੇ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਦੇਣ ਜਾ ਰਹੀ ਹੈ। ਇਸ ਦੇ ਰੋਸ ਵਜੋਂ 4 ਮਾਰਚ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰਾਂ ਦੇ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ । ਆਗੂਆਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਵਿਚ ਇਤਿਹਾਸ ਬਦਲੇ ਜਾਣ ਅਤੇ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਧਾਰਮਿਕ ਪਹਿਰਾਵਿਆਂ ਹਿਜਾਬ ਅਤੇ ਦਸਤਾਰ ਪਹਿਨਣ ਤੇ ਪਾਬੰਦੀ ਲਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ। ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 7 ਮਾਰਚ ਨੂੰ ਲੁਧਿਆਣਾ ਵਿਖੇ ਰੱਖ ਲਈ ਗਈ ਹੈ।

Leave a Reply

Your email address will not be published. Required fields are marked *