ਨਵੀਂ ਦਿੱਲੀ/ਚੰਡੀਗੜ੍ਹ, 4 ਮਾਰਚ (ਬਿਊਰੋ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਮਾਮਲੇ ‘ਚ ਸੁਪਰੀਮ ਕਰੋਟ ਸਖ਼ਤ ਹੋ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ 2 ਹਫ਼ਤਿਆਂ ‘ਚ ਫ਼ੈਸਲਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਕੋਰਟ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸੈਣੀ ਦੇ ਖ਼ਿਲਾਫ਼ ਸਾਰੇ ਲੰਬਿਤ ਅਪਰਾਧਿਕ ਮਾਮਲਿਆਂ ਨੂੰ ਸੀ. ਬੀ. ਆਈ. ਨੂੰ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।
ਸੁਪਰੀਮ ਕੋਰਟ ਨੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖ਼ੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਭੇਜ ਦੇਣ। ਇਸ ਤੋਂ ਪਹਿਲਾਂ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲਿਆਂ ‘ਚ ਜਾਂਚ ਅਤੇ ਗ੍ਰਿਫ਼ਤਾਰੀ ਦੀ ਰੋਕ ਨੂੰ 20 ਅਪ੍ਰੈਲ, 2022 ਤੱਕ ਵਧਾ ਦਿੱਤਾ ਹੈ। ਹਾਈਕੋਰਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਇਸ ਦੇ ਲਈ ਉਨ੍ਹਾਂ ਨੂੰ ਅਦਾਲਤ ਤੋਂ ਇਜਾਜ਼ਤ ਲੈਣੀ ਪਵੇਗੀ।