ਧੂਰੀ/ਸੰਗਰੂਰ, 12 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦੇ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਪੁੱਜੇ। ਓਪਨ ਜੀਪ ’ਚ ਸਵਾਰ ਹੋ ਕੇ ਉਨ੍ਹਾਂ ਧੂਰੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਵੱਲੋਂ ਭੈਣ ਮਨਪ੍ਰੀਤ ਕੌਰ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦੇ ਹੋਏ ਭਗਵੰਤ ਮਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ।
ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਸਾਰੇ ਹੀ ਵੋਟਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਭਗਵੰਤ ਮਾਨ ਨੂੰ ਇੰਨਾ ਪਿਆਰ ਦਿੱਤਾ ਹੈ ਉਨ੍ਹਾਂ ਉਮੀਦਾਂ ’ਤੇ ਉਹ ਪੂਰਾ ਉਤਰੇਗਾ ਅਤੇ ਪੰਜਾਬ ਅੰਦਰੋਂ ਰਿਸ਼ਵਤਖੋਰੀ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ ।