ਚੰਡੀਗੜ੍ਹ, 14 ਮਾਰਚ (ਬਿਊਰੋ)- ਚੋਣ ਕਮਿਸ਼ਨ ਨੇ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪਰੈਲ ਨੂੰ ਖਤਮ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 14 ਮਾਰਚ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 21 ਮਾਰਚ ਹੈ। ਨਾਮਜ਼ਦਗੀਆਂ ਦੀ ਪੜਤਾਲ 22 ਮਾਰਚ ਨੂੰ ਕੀਤੀ ਜਾਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 24 ਮਾਰਚ ਹੈ।
ਵੋਟਾਂ 31 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦਾ ਅਮਲ 2 ਅਪਰੈਲ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ 14 ਤੋਂ 21 ਮਾਰਚ ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ।