ਨਵੀਂ ਦਿੱਲੀ, 15 ਮਾਰਚ (ਬਿਊਰੋ)- ਕਿਸਾਨ ਅੰਦੋਲਨ ਦਾ ਹਿੱਸਾ ਰਹੀਆਂ ਕੁਝ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ (Sanyukta Kisan Morcha ) ਬਣਾ ਕੇ ਪੰਜਾਬ ਵਿੱਚ ਚੋਣਾਂ ਲੜਨਾ ਉਨ੍ਹਾਂ ਨੂੰ ਮਹਿੰਗਾ ਪੈ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਹੁਣ ਉਨ੍ਹਾਂ ਨੂੰ ਮੂੰਹ ਲਾਉਣ ਲਈ ਤਿਆਰ ਨਹੀਂ। ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਲੀਡਰਾਂ ਨੂੰ ਵੱਡੀ ਨਿਮੋਸ਼ੀ ਦੀ ਸਾਹਮਣਾ ਕਰਨਾ ਪਿਆ। ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚੋਂ ਚੋਣ ਲੜਨ ਵਾਲੇ ਕਿਸਾਨ ਲੀਡਰਾਂ ਨੂੰ ਬਾਹਰ ਕਰ ਦਿੱਤਾ ਗਿਆ। ਇਸ ਮਗਰੋਂ ਗਾਂਧੀ ਪੀਸ ਫਾਊਂਡੇਸ਼ਨ ਵਿੱਚ ਦੋ ਧਿਰਾਂ ਵੱਲੋਂ ਵੱਖ-ਵੱਖ ਬੈਠਕਾਂ ਕੀਤੀਆਂ ਗਈਆਂ ਤੇ ਅਗਲੇ ਏਜੰਡੇ ਐਲਾਨੇ ਗਏ। ਇੱਕ ਧਿਰ ਦੀ ਬੈਠਕ ਫਾਊਂਡੇਸ਼ਨ ਦੇ ਵਿਹੜੇ ਜਦੋਂਕਿ ਦੂਜੀ ਦੀ ਫਾਊਂਡੇਸ਼ਨ ਦੇ ਹਾਲ ਕਮਰੇ ਵਿੱਚ ਹੋਈ।
ਹਾਸਲ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਸ਼ੁਰੂ ਹੋਈ ਤਾਂ ਯੋਗੇਂਦਰ ਯਾਦਵ ਦੀ ਅਗਵਾਈ ਵਾਲੇ ਧੜੇ ਨੇ ਸੰਯੁਕਤ ਸਮਾਜ ਮੋਰਚਾ ਬਣਾ ਕੇ ਚੋਣਾਂ ਲੜਨ ਵਾਲੇ ਆਗੂਆਂ ਨੂੰ ਮੀਟਿੰਗ ’ਚੋਂ ਬਾਹਰ ਜਾਣ ਲਈ ਆਖ ਦਿੱਤਾ। ਇਸ ਮਗਰੋਂ ਦੋਵਾਂ ਧਿਰਾਂ ਦਰਮਿਆਨ ਤਕਰਾਰ ਵੀ ਹੋਈ।
ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਲੜਨ ਵਾਲੇ ਬਲਬੀਰ ਸਿੰਘ ਰਾਜੇਵਾਲ, ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ, ਬੋਧ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਕਵਲਪ੍ਰੀਤ ਸਿੰਘ ਪੰਨੂ ਨੇ ਵੱਖਰੀ ਪ੍ਰੈੱਸ ਕਾਨਫਰੰਸ ਕੀਤੀ ਤੇ ਚੋਣਾਂ ਲੜਨ ਦੇ ਫ਼ੈਸਲੇ ਬਾਰੇ ਤਰਕ ਦਿੱਤੇ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਅੰਦੋਲਨ ਹੋਵੇਗਾ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਐਮਐਸਪੀ ਸਣੇ ਹੋਰ ਕਿਸਾਨੀ ਮੰਗਾਂ ਪ੍ਰਤੀ ਬੇਰੁਖ਼ੀ ਖ਼ਿਲਾਫ਼ ਮੁੜ ਤੋਂ ਕਿਸਾਨ ਅੰਦੋਲਨ ਦਾ ਅਗਲਾ ਪੜਾਅ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾਜੀ, ਯੁੱਧਵੀਰ ਸਿੰਘ ਤੇ ਯੋਗੇਂਦਰ ਯਾਦਵ ਵੱਲੋਂ ਅਗਲੀ ਰਣਨੀਤੀ ਉਲੀਕੀ ਗਈ।