ਚੰਡੀਗੜ੍ਹ, 19 ਮਾਰਚ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਹਿਲੇ ਦਸ ਮੰਤਰੀਆਂ ਨੇ ਅੱਜ ਆਪਣੇ ਅਹੁਦੇ ਦੀ ਗੋਪਨੀਅਤਾ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਭਵਨ ਵਿਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦੀ ਸਹੁੰ ਚੁਕਵਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਰਾਜਪਾਲ ਭਵਨ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਭ ਤੋਂ ਪਹਿਲਾਂ ਲਗਾਤਾਰ ਦੂਜੀਵਾਰ ਵਿਧਾਇਕ ਬਣੇ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ 10 ਵਿਧਾਇਕਾਂ ’ਚੋਂ 8 ਆਗੂ ਪਹਿਲੀ ਵਾਰ ਵਿਧਾਇਕ ਬਣੇ ਹਨ।
ਭਗਵੰਤ ਮਾਨ ਕੈਬਨਿਟ ਦਾ ਗਠਨ : 10 ਮੰਤਰੀਆਂ ਨੇ ਚੁੱਕੀ ਸਹੁੰ, ਜਾਣੋ ਪੂਰਾ ਵੇਰਵਾ
