ਚੰਡੀਗੜ੍ਹ, 23 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 24 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਤੌਰ ’ਤੇ ਪਹਿਲੀ ਮੁਲਾਕਾਤ ਹੋਵੇਗੀ।
ਜਦਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਦੀ ਮੁਲਾਕਾਤ ਬਾਰੇ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ। ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਬੀਬੀਐੱਮਬੀ ਵਿੱਚੋਂ ਪੰਜਾਬ ਦੀ ਪ੍ਰਤੀਨਿਧਤਾ ਖ਼ਤਮ ਕਰਨ ਦਾ ਮੁੱਦਾ ਚੁੱਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੋਲੇ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਕੋਲੇ ਦੀ ਘਾਟ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ। ਆਗਾਮੀ ਕਣਕ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ।