ਅੰਮ੍ਰਿਤਸਰ, 2 ਅਪ੍ਰੈਲ (ਬਿਊਰੋ)- ਦਿੱਲੀ ਮੈਟਰੋ ਸਟੇਸ਼ਨ ‘ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਮੈਟਰੋ ‘ਚ ਦਾਖਲ ਹੋਣ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਨੇ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਤੇ ਦੇਸ਼ ਦੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਤਾਂ ਜੋ ਆਉਣ ਵਾਲੇ ਸਮੇਂ ‘ਚ ਇਸ ਨੂੰ ਰੋਕਿਆ ਜਾ ਸਕੇ।
ਧਾਮੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਅੰਮ੍ਰਿਤਧਾਰੀ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਪਾ ਕੇ ਡਿਊਟੀ ’ਤੇ ਆਉਣ ਤੋਂ ਰੋਕਣ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ। ਹੁਣ ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਪੁਲਿਸ ਮੁਲਾਜ਼ਮ ਵੱਲੋਂ ਕਿਰਪਾਨ ਲਾਹ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਰਹਿੰਦੇ ਹਨ। ਸਿੱਖਾਂ ਦੁਆਰਾ ਪਹਿਨੇ ਜਾਣ ਵਾਲੇ ਚਿੰਨ੍ਹਾਂ ਬਾਰੇ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਮਾਮਲਿਆਂ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਵੀ ਭੇਜਿਆ ਜਾਵੇਗਾ।