ਮੋਹਾਲੀ, 4 ਅਪ੍ਰੈਲ (ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਵਾਲੇ ਭਾਜਪਾ ਵਰਕਰਾਂ ਦੇ ਖ਼ਿਲਾਫ਼ ਸਾਈਬਰ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਦਿੱਲੀ ਪੁਲਸ ਭਾਜਪਾ ਵਰਕਰਾਂ ਤੋਂ ਪੁੱਛਗਿੱਛ ਕਰਨ ਲਈ ਮੋਹਾਲੀ ਪੁੱਜੀ। ਮੋਹਾਲੀ ਨਿਵਾਸੀ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਪੰਜਾਬ ਸਟੇਟ ਕ੍ਰਾਈਮ ਸੈੱਲ ਮੋਹਾਲੀ ਵਿਖੇ ਭੜਕਾਊ ਬਿਆਨਬਾਜ਼ੀ ਕਰਨ ਨੂੰ ਲੈ ਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਜਿਹੜਾ ਕਿ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਬੱਗਾ ਦੇ ਖਿਲਾਫ਼ ਅਤੇ ਹੋਰਨਾਂ ਦੇ ਖ਼ਿਲਾਫ਼ ਦਰਜ ਕੀਤਾ ਗਿਆ।
ਦਿੱਲੀ ਪੁਲਸ ਵੱਲੋਂ ਤੇਜਿੰਦਰ ਪਾਲ ਬੱਗਾ ਅਤੇ ਹੋਰਨਾਂ ਕੋਲੋਂ ਪੁੱਛਗਿੱਛ ਕਰਨ ਦੇ ਲਈ ਮੋਹਾਲੀ ਪੁੱਜੀ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ 31 ਮਾਰਚ, 2022 ਨੂੰ ਭਾਜਪਾ ਪ੍ਰਧਾਨ ਯੂਥ ਪ੍ਰਧਾਨ ਸੂਰਿਆ ਤੇਜੱਸਵੀ ਦੀ ਅਗਵਾਈ ਹੇਠ ਕਸ਼ਮੀਰ ਰਾਈਫਲਜ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਅਰਵਿੰਦ ਕੇਜਰੀਵਾਲ ਘਰ ਦੇ ਨਜ਼ਦੀਕ ਇਤਰਾਜ਼ਯੋਗ ਸ਼ਬਦਾਵਲੀ ਵਾਲੇ ਪੋਸਟਰ ਵੀ ਲਗਾਏ ਗਏ ਸਨ। ਇਸ ਨੂੰ ਲੈ ਕੇ ਤੇਜਿੰਦਰ ਬੱਗਾ ਅਤੇ ਹੋਰਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇੱਥੇ ਇਹ ਗੱਲ ਉਚੇਚੇ ਤੌਰ ‘ਤੇ ਜ਼ਿਕਰਯੋਗ ਹੈ ਕਿ ਬੱਗਾ ‘ਤੇ ਭੜਕਾਊ ਬਿਆਨਬਾਜ਼ੀ ਅਤੇ ਨਫ਼ਰਤ ਫੈਲਾਉਣ ਦਾ ਇਲਜ਼ਾਮ ਲਗਾ ਕੇ ਮੋਹਾਲੀ ਦੇ ਸਾਈਬਰ ਵਿੰਗ ਵਿੱਚ ਇਹ ਕੇਸ ਦਰਜ ਕੀਤਾ ਗਿਆ ਹੈ ਕਿਉਂਕਿ ਬੇਸ਼ੱਕ ਦਿੱਲੀ ਵਿੱਚ ‘ਆਪ’ ਦੀ ਸਰਕਾਰ ਹੋਣ ਦੇ ਬਾਵਜੂਦ ਪੁਲਸ ਪੂਰੀ ਤਰ੍ਹਾਂ ਦਿੱਲੀ ਦੀ ਸਰਕਾਰ ਦੇ ਕੰਟਰੋਲ ਵਿਚ ਨਹੀਂ ਹੈ ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਪੰਜਾਬ ਵਿਚਲੇ ‘ਆਪ’ ਵਰਕਰਾਂ ਅਤੇ ਸਮਰਥਕਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ।