ਅਟਾਰੀ, 12 ਅਪ੍ਰੈਲ (ਬਿਊਰੋ)- ਗੁਆਂਢੀ ਦੇਸ਼ ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਦਾਰੇ ਕਰਨ ਲਈ ਸੈਂਕੜੇ ਸ਼ਰਧਾਲੂ ਅਟਾਰੀ ਸਰਹੱਦ ਪਹੁੰਚੇ ਹਨ। ਇੰਟੇਗ੍ਰੇਟਿਡ ਚੈੱਕ ਪੋਸਟ ਦੇ ਅੰਦਰ ਜਾਣ ਤੋਂ ਪਹਿਲਾਂ ਸ਼ਰਧਾਲੂ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਗਾ ਰਹੇ ਸਨ।
ਇਮੀਗ੍ਰੇਸ਼ਨ ਅਤੇ ਕਸਟਮ ਸਟਾਫ਼ ਨੂੰ ਵੱਡੀ ਗਿਣਤੀ ਵਿਚ ਤੈਨਾਤ ਕਰ ਦਿੱਤਾ ਗਿਆ ਹੈ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚੋਂ ਤਿੰਨ ਬੱਸਾਂ ਸ਼ਰਧਾਲੂਆਂ ਦੀਆਂ ਅਟਾਰੀ ਸਰਹੱਦ ਤੜਕਸਾਰ ਪਹੁੰਚ ਗਈਆਂ ਹਨ। ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਉਨ੍ਹਾਂ ਕੋਲ ਦਸ ਦਿਨ ਦਾ ਵੀਜ਼ਾ ਹੈ। ਵਿਸਾਖੀ ਦਾ ਦਿਹਾੜਾ ਮਨਾਉਣ ਉਪਰੰਤ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ।