ਲੁਧਿਆਣਾ, 13 ਅਪ੍ਰੈਲ (ਬਿਊਰੋ)- ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਬੈਂਸ ਨੇ ਜਬਰ-ਜ਼ਿਨਾਹ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖਿਆ ਸੀ।
ਇਥੇ ਇਹ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਵੀ ਐਲਾਨਿ ਹੋਇਆ ਹੈ। ਭਾਵੇਂ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਇਕ ਪਰਚੇ ਕਾਰਣ ਐਲਾਨਿਆ ਗਿਆ ਹੈ। ਬੀਤੇ ਦਿਨੀਂ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।