ਅੰਮ੍ਰਿਤਸਰ, 15 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਸ਼ੇ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ। ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਪੰਥਕ ਮਰਿਆਦਾ ਅਨੁਸਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਜਾਰੀ ਕੀਤੇ ਇਕ ਬਿਆਨ ਵਿਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬੀ ਹਾਲਤ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਸਜ਼ਾ ਭੁਗਤਣ ਲਈ ਵੀ ਤਿਆਰ ਹੈ।