ਚੰਡੀਗੜ੍ਹ, 20 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਰਾਜ ਕੁਮਾਰ ਵੱਲੋਂ ਬੀਤੇ ਦਿਨ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਪੱਖ ‘ਚ ਲਏ ਸਟੈਂਡ ਤੋਂ ਬਾਅਦ ਪੰਜਾਬ ‘ਚ ਫਿਰ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ‘ਤੇ ਇਸ ਮੁੱਦੇ ‘ਤੇ ਸਵਾਲ ਖੜ੍ਹੇ ਕੀਤੇ ਸਨ। ਅੱਜ ਆਮ ਆਦਮੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਨਾਲ ਡਟ ਕੇ ਖੜ੍ਹੇ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਜਾਣ ਦੇਵਾਂਗੇ। ਜੋ ਵੀ ਕੁਰਬਾਨੀ ਦੇਣੀ ਪਵੇਗੀ, ਤਿਆਰ ਹਾਂ। ਜਾਨ ਕੁਰਬਾਨ ਕਰ ਦੇਵਾਂਗੇ ਪਰ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜੋ ਅੱਜ ਇਸ ਮੁੱਦੇ ‘ਤੇ ਰੌਲਾ ਪਾ ਰਹੇ ਹਨ, ਉਨ੍ਹਾਂ ਦੀ ਸਰਕਾਰ ਦੇ ਸਮੇਂ ਹੀ ਇਹ ਮੁੱਦਾ ਖੜ੍ਹਾ ਹੋਇਆ। ਦੱਸਣਯੋਗ ਹੈ ਕਿ ਬੀਤੇ ਦਿਨ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਨੇ ਕਿਹਾ ਸੀ ਕਿ ਐੱਸ. ਵਾਈ. ਐੱਲ. ਨਹਿਰ ਦਾ ਪਾਣੀ ਹਰਿਆਣਾ ਦੇ ਪਿੰਡ-ਪਿੰਡ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਾਣੀਆਂ ‘ਤੇ ਹਰਿਆਣਾ ਦਾ ਹੱਕ ਹੈ।