ਸਮਰਾਲਾ, 21 ਅਪ੍ਰੈਲ (ਬਿਊਰੋ)- ਪੰਜਾਬ ’ਚ ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਫਿਰ ਤੋਂ ਮਾਸਕ ਪਹਿਣਨ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਸੂਬੇ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਪੰਜਾਬ ਦੇ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਜਨਤਕ ਟਰਾਂਸਪੋਰਟ ਜਿਵੇਂ ਕਿ ਬੱਸਾ, ਟਰੇਨਾਂ ਅਤੇ ਟੈਕਸੀਆਂ ਆਦਿ ਵਿੱਚ ਸਫ਼ਰ ਕਰਨ ਵਾਲੇ ਵਿਅਕਤੀਆਂ ਲਈ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਸਿਨੇਮਾ ਘਰਾਂ, ਸ਼ਾਪਿੰਗ ਮਾਲਜ਼, ਡਿਪਾਰਟਮੈਂਟਲ ਸਟੋਰਾਂ ਤੋਂ ਇਲਾਵਾ ਸਕੂਲਾਂ ਅਤੇ ਦਫ਼ਤਰਾਂ ਵਿੱਚ ਵੀ ਮਾਸਕ ਪਹਿਣਨ ਦੀ ਸਲਾਹ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਵੀ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਕੁੱਝ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ’ਚ ਕੋਰੋਨਾ ਕੇਸਾਂ ਦੀ ਵੱਧਦੀ ਗਿਣਤੀ ਨੂੰ ਧਿਆਨ ’ਚ ਰੱਖਦਿਆਂ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।