ਚੰਡੀਗੜ੍ਹ, 25 ਅਪ੍ਰੈਲ (ਬਿਊਰੋ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਸ਼ਕਲ ਵਿਚ ਫਸੇ ਕਿਸਾਨਾਂ ਨੂੰ ਰਾਹਤ ਦੇਣ ਲਈ ਹੱਥ ਵਧਾਏ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦੀ ਗੱਲ ਹੈ ਕਿ ਕਣਕ ਦੀ ਫ਼ਸਲ ਦਾ ਪ੍ਰਤੀ ਏਕੜ ਘੱਟ ਉਤਪਾਦਨ ਹੋਣ ਅਤੇ ਕਰਜ਼ ਦਾ ਬੋਝ ਵਧਣ ਕਾਰਣ ਪਿਛਲੇ ਤਿੰਨ ਹਫ਼ਤੇ ਦੌਰਾਨ ਹੀ 14 ਕਿਸਾਨ ਖ਼ੁਦਕੁਸ਼ੀਆਂ ਕਰਨ ਨੂੰ ਮਜਬੂਰ ਹੋਏ ਹਨ। ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਤਿੰਨ ਹਫ਼ਤੇ ਦੌਰਾਨ ਖ਼ੁਦਕੁਸ਼ੀਆਂ ਜਿਹਾ ਕਦਮ ਚੁੱਕਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਹਤ ਦੇ ਤੌਰ ’ਤੇ ਇਕ-ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕਰਨ, ਜਿਵੇਂ ਕਿ ਹਾਲ ਹੀ ਵਿਚ ਉਨ੍ਹਾਂ ਨੇ ਪੰਜਾਬ ਪੁਲਸ ਦੇ ਜਵਾਨਾਂ ਲਈ ਕੀਤਾ ਹੈ ਕਿਉਂਕਿ ਕਿਸਾਨ ਵੀ ਆਪਣੀ ਉਪਜ ਨਾਲ ਦੇਸ਼ ਦੇ ਲੱਖਾਂ ਲੋਕਾਂ ਦਾ ਢਿੱਡ ਭਰਨ ਦੀ ਜਿੰਮੇਵਾਰੀ ਨਿਭਾਉਂਦੇ ਹਨ।
ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਣਕ ਦੀ ਫ਼ਸਲ ਦਾ ਘੱਟ ਉਤਪਾਦਨ ਹੋਣ ਕਾਰਣ ਪੀੜਿਤ ਕਿਸਾਨਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰਨ ਕਿਉਂਕਿ ਇਹ ਸਾਬਿਤ ਹੋ ਚੁੱਕਿਆ ਹੈ ਕਿ ਮੌਸਮ ਦੀ ਮਾਰ ਕਾਰਨ ਹੀ ਕਣਕ ਦਾ ਪ੍ਰਤੀ ਏਕੜ ਉਤਪਾਦਨ ਘੱਟ ਹੋਇਆ ਹੈ।